ਲਾਲ ਸਿੰਘ ਨਗਰ 'ਚ ਸੜਕਾਂ ਦੀ ਹੋਵੇਗੀ ਕਾਇਆਕਲਪ : ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 29 ਅਕਤੂਬਰ : ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀ ਆਤਮਾ ਸਿੰਘ ਦੇ ਵਾਰਡ ਨੰਬਰ 40 ਦੇ ਵਿੱਚ ਸਥਿਤ ਲਾਲ ਸਿੰਘ ਨਗਰ ਵਿੱਚ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਕੌਂਸਲਰ ਸ਼੍ਰੀ ਆਤਮਾ ਸਿੰਘ, ਸ਼੍ਰੀ ਸੂਰਜਮਲ, ਸ਼੍ਰੀ ਗੁਰਤੇਜ ਸਿੰਘ ਸਰਾਂ, ਸ਼੍ਰੀ ਭਗਵਾਨ ਸਿੰਘ, ਕੈਪਟਨ ਗੁਰੂਦੱਤ ਸਿੰਘ, ਸ਼੍ਰੀ ਸੋਹਣ ਸਿੰਘ, ਸ਼੍ਰੀ ਜਗਤਾਰ ਸਿੰਘ ਸੋਹਲ, ਸ਼੍ਰੀ ਰਾਜਵੀਰ ਸਿੰਘ ਢਿੱਲੋਂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਹਰੇਕ ਵਾਰਡ ਵਿੱਚ ਸਮਾਨਤਾ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਸੜਕ ਨਿਰਮਾਣ ਦੇ ਕੰਮ ਵਿੱਚ ਕੋਈ ਕਮੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਉਨ੍ਹਾਂ ਨੂੰ ਜਾਂ ਕੌਂਸਲਰ ਸ਼੍ਰੀ ਆਤਮਾ ਸਿੰਘ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਸੁਧਾਰ ਕੀਤਾ ਜਾ ਸਕੇ।
ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸੜਕ ਨਿਰਮਾਣ ਦੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਬਠਿੰਡਾ ਦੀਆਂ ਸੜਕਾਂ ਨੂੰ ਬਿਹਤਰ ਅਤੇ ਮਜ਼ਬੂਤ ਬਣਾਉਣਾ ਹੈ, ਤਾਂ ਜੋ ਨਾਗਰਿਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।