ਪੰਜਾਬ ਚੇਤਨਾ ਮੰਚ ਵਲੋਂ 59ਵੇਂ ਪੰਜਾਬ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਵਧਾਈ
ਸਾਂਝੀਆਂ ਮੰਗਾਂ ਲਈ ਮਿਲ ਕੇ ਸੰਘਰਸ਼ ਕਰਨ ਦਾ ਸੱਦਾ
Gurmeet Palahi
ਜਲੰਧਰ, 1 ਨਵੰਬਰ 2025 : - ਪੰਜਾਬ ਦੇ ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਦੀ ਸਾਂਝੀ ਜਥੇਬੰਦੀ ਪੰਜਾਬ ਚੇਤਨਾ ਮੰਚ (ਜਲੰਧਰ) ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਤੇ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ, ਜਥੇਬੰਦਕ ਸਕੱਤਰ ਗੁਰਮੀਤ ਪਲਾਹੀ, ਦੁਆਬਾ ਜ਼ੋਨ ਦੇ ਸਕੱਤਰ ਰਵਿੰਦਰ ਚੋਟ, ਮਾਝਾ ਜ਼ੋਨ ਦੇ ਸਕੱਤਰ ਰਜਿੰਦਰ ਸਿੰਘ ਰੂਬੀ ਤੇ ਮਾਲਵਾ ਜ਼ੋਨ ਦੇ ਸਕੱਤਰ ਡਾ. ਗੁਰਚਰਨ ਸਿੰਘ ਨੂਰਪੁਰ ਨੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ 59ਵੇਂ ਪੰਜਾਬ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਮਿਲ ਕੇ ਸਾਹਮਣਾ ਕਰਨ ਦਾ ਸੱਦਾ ਦਿੱਤਾ ਹੈ। ਚੇਤਨਾ ਮੰਚ ਦੇ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਅਨੇਕਾਂ ਮੁਸ਼ਕਿਲਾਂ 'ਚ ਘਿਰਿਆ ਹੋਇਆ ਹੈ ਤੇ ਇਨ੍ਹਾਂ ਲਈ ਜਿੱਥੇ ਸਮੇਂ ਦੀਆਂ ਕੇਂਦਰੀ ਸਰਕਾਰਾਂ ਜ਼ਿੰਮੇਵਾਰ ਹਨ, ਉੱਥੇ ਪੰਜਾਬ ਦੀ ਸੱਤਾ 'ਤੇ ਕਾਬਜ਼ ਰਹੀਆਂ ਸਰਕਾਰਾਂ ਤੇ ਸਿਆਸੀ ਪਾਰਟੀਆਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਤੋਂ ਘਬਰਾਉਣ ਦੀ ਨਹੀਂ ਬਲਕਿ ਮਿਲ ਕੇ ਸੰਘਰਸ਼ ਕਰਨ ਦੀ ਲੋੜ ਹੈ ਤੇ ਇਸ ਲੜਾਈ 'ਚ ਹਰ ਪੰਜਾਬੀ ਨੂੰ ਆਪੋ ਆਪਣੇ ਪੱਧਰ 'ਤੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬੀ ਸੂਬੇ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਪੰਜਾਬੀ ਸੂਬੇ ਲਈ ਅਣਗਿਣਤ ਪੰਜਾਬੀਆਂ ਵਲੋਂ ਵੱਡਾ ਤੇ ਲੰਬਾ ਸੰਘਰਸ਼ ਲੜਿਆ ਗਿਆ ਤੇ ਅਨੇਕਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਮਸਲਿਆਂ ਖਾਸ ਕਰਕੇ ਰਾਜਧਾਨੀ ਚੰਡੀਗੜ੍ਹ ਪ੍ਰਾਪਤ ਕਰਨ, ਦਰਿਆਈ ਪਾਣੀਆਂ ਸੰਬੰਧੀ ਇਨਸਾਫ ਹਾਸਿਲ ਕਰਨ, ਖੇਤੀ ਸੰਕਟ ਹੱਲ ਕਰਵਾਉਣ, ਸਨਅਤੀਕਰਨ ਨੂੰ ਉਤਸ਼ਾਹਿਤ ਕਰਨ, ਨਵੀਂ ਪੀੜ੍ਹੀ ਨੂੰ ਚੰਗੀ ਸਿੱਖਿਆ, ਚੰਗੀਆਂ ਸਿਹਤ ਸੇਵਾਵਾਂ, ਰੋਜ਼ਗਾਰ ਦੇ ਢੁੱਕਵੇਂ ਮੌਕੇ ਪ੍ਰਦਾਨ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਰਾਜ ਵਿਚ ਢੁੱਕਵਾਂ ਸਥਾਨ ਦਿਵਾਉਣ ਲਈ ਪਹਿਲਾਂ ਦੀ ਤਰ੍ਹਾਂ ਆਪਣਾ ਪੁਰ ਅਮਨ ਸੰਘਰਸ਼ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ।। ਇਸਦੇ ਨਾਲ ਪੰਜਾਬ ਦੇ ਉਕਤ ਬੁੱਧੀਜੀਵੀਆਂ, ਲੇਖਕਾਂ ਤੇ ਪੱਤਰਕਾਰਾਂ ਨੇ ਇਕਸੁਰ ਹੋ ਕੇ ਕਿਹਾ ਕਿ ਪੰਜਾਬ ਸਾਡਾ ਘਰ ਤੇ ਸਾਡੀ ਪਛਾਣ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ 'ਤੇ ਮਾਣ ਕਰਨਾ ਚਾਹੀਦਾ ਹੈ।