ਮਾਨਸਾ: ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਫਾਇਰਿੰਗ ਮਾਮਲੇ ਵਿੱਚ ਪਨਾਹ ਦੇਣ ਵਾਲਾ ਗ੍ਰਿਫਤਾਰ
ਅਸ਼ੋਕ ਵਰਮਾ
ਮਾਨਸਾ, 1 ਨਵੰਬਰ 2025: ਮਾਨਸਾ ਪੁਲਿਸ ਨੇ ਮਾਨਸਾ ਦੇ ਇੱਕ ਕੀਟਨਾਸ਼ਕ ਵਪਾਰੀ ਦੀ ਦੁਕਾਨ ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਦੋਵੇਂ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਨੂੰ ਦਬੋਚਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਡੀਆਈਜੀ ਬਠਿੰਡਾ ਰੇਜ ਹਰਜੀਤ ਸਿੰਘ ਅਤੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੱਤੀ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ ਜੋ ਰੋਪੜ ਜ਼ਿਲ੍ਹੇ ਦੇ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੇ ਦੋਵਾਂ ਸੂਟਰਾਂ ਨੂੰ ਕਾਫੀ ਸਮਾਂ ਪਨਾਹ ਦਿੱਤੀ ਸੀ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਜੋ ਵੀ ਵਿਅਕਤੀ ਇਸ ਕੇਸ ਨਾਲ ਸੰਬੰਧਿਤ ਪਾਇਆ ਗਿਆ ਉਸ ਨੂੰ ਫੌਰੀ ਤੌਰ ਤੇ ਗ੍ਰਿਫਤਾਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਸਨੇ 72 ਘੰਟਿਆਂ ਦੇ ਅੰਦਰ ਅੰਦਰ ਦੋਵਾਂ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਸੀ। ਦੂਜੇ ਪਾਸੇ ਅੱਜ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਮਾਨਸਾ ਪੁੱਜੇ ਅਤੇ ਸ਼ੂਟਰਾਂ ਨੂੰ ਦਬੋਚਣ ਦੀ ਕੋਸ਼ਿਸ਼ ਕਰਨ ਵਾਲੇ ਬਜ਼ੁਰਗ ਅਤੇ ਇੱਕ ਹੋਰ ਵਿਅਕਤੀ ਨੂੰ ਸਨਮਾਨਿਤ ਕੀਤਾ। ਡੀਆਈਜੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।