ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 2 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸੰਗਤਾਂ ਹਾਜ਼ਰ ਸਨ।