ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਫਰੀਦਕੋਟ ਲਈ ਰਵਾਨਾ
ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 2 ਨਵੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਆਪਣੇ ਅਗਲੇ ਪੜਾਅ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਜਥੇਦਾਰ ਕੌਰ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਸਾਬਕਾ ਸਾਂਸਦ ਸ. ਜਗਮੀਤ ਸਿੰਘ ਬਰਾੜ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਸ. ਭੋਲਾ ਸਿੰਘ ਹੀਰੇਵਾਲਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਕੁਲਵੰਤ ਸਿੰਘ, ਮੈਨੇਜਰ ਸ. ਨਿਰਮਲਜੀਤ ਸਿੰਘ, ਸਾਬਕਾ ਮੈਨੇਜਰ ਸ. ਬਲਦੇਵ ਸਿੰਘ, ਸਾਬਕਾ ਆਈਏ ਸ. ਦਰਬਾਰਾ ਸਿੰਘ, ਸਾਬਕਾ ਸੁਪਰਵਾਈਜ਼ਰ ਸ. ਸੁਮੇਰ ਸਿੰਘ ਬਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।