SGPC ਪ੍ਰਧਾਨ ਅਹੁਦੇ ਲਈ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਐਡਵੋਕੇਟ ਧਾਮੀ ਨੇ ਅਕਾਲੀ ਦਲ ਦੀ ਲੀਡਰਸ਼ਿਪ ਤੇ ਮੈਂਬਰ ਸਾਹਿਬਾਨ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 2 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਜਨਰਲ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਪਦ ਲਈ ਮੁੜ ਨਾਂ ਐਲਾਨ ਕੀਤੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਪਾਰਟੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਉਹ ਬੀਤੇ 4 ਸਾਲਾਂ ਤੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਮੁੜ ਉਨ੍ਹਾਂ ਵਿਚ ਭਰੋਸਾ ਪ੍ਰਗਟ ਕਰਨਾ ਜਿਥੇ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਵਿਚ ਹੋਰ ਵਾਧਾ ਵੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਹ ਹਮੇਸ਼ਾ ਹੀ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਲਈ ਯਤਨਸ਼ੀਲ ਰਹਿਣਗੇ।