ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਪਾਰ, ਕਿਸਾਨਾਂ ਦੇ ਖਾਤਿਆਂ 'ਚ ਪਹੁੰਚੇ 27,000 ਕਰੋੜ ਰੁਪਏ: ਮੰਤਰੀ ਲਾਲ ਚੰਦ ਕਟਾਰੂਚੱਕ
124 ਲੱਖ ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ, 27000 ਕਰੋੜ ਦੀ ਅਦਾਇਗੀ: ਮੰਤਰੀ ਲਾਲ ਚੰਦ ਕਟਾਰੂਚੱਕ
104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ, ਪਿਛਲੀਆਂ ਸਰਕਾਰਾਂ ਵਾਂਗ ਕਿਸਾਨਾਂ ਦੀ ਖੱਜਲ-ਖੁਆਰੀ ਹੋਈ ਬੰਦ: ਕਟਾਰੂਚੱਕ
ਤਰਨਤਾਰਨ, 3 ਨਵੰਬਰ 2025
ਪੰਜਾਬ ਦੇ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਫ਼ਲ ਪ੍ਰਬੰਧ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਦੀਆਂ ਨੀਤੀਆਂ ਪੂਰੀ ਤਰ੍ਹਾਂ ਕਿਸਾਨ-ਪੱਖੀ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਦਾ ਕਿਸਾਨ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੀ ਫ਼ਸਲ ਵੇਚ ਰਿਹਾ ਹੈ ਅਤੇ ਉਸਨੂੰ ਸਮੇਂ ਸਿਰ ਅਦਾਇਗੀ ਮਿਲ ਰਹੀ ਹੈ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਜ਼ਾ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੀ ਝੋਨੇ ਦੀ ਚੁਕਾਈ (ਲਿਫਟਿੰਗ) ਦਾ ਅੰਕੜਾ 100 ਲੱਖ ਮੀਟ੍ਰਿਕ ਟਨ ਦੇ ਵੱਡੇ ਪੜਾਅ ਨੂੰ ਪਾਰ ਕਰ ਗਿਆ ਹੈ ਅਤੇ ਕੁੱਲ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 124 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਮੁਕੰਮਲ ਕਰ ਲਈ ਗਈ ਹੈ।
ਕਟਾਰੂਚੱਕ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਤੁਰੰਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ 27,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤੰਜ਼ ਕੱਸਦਿਆਂ ਕਿਹਾ ਕਿ ਇਹ ਉਹੀ ਮੰਡੀਆਂ ਹਨ ਜਿੱਥੇ ਪਹਿਲਾਂ ਕਿਸਾਨਾਂ ਨੂੰ ਆਪਣੀ ਅਦਾਇਗੀ ਲੈਣ ਲਈ ਹਫ਼ਤਿਆਂਬੱਧੀ ਧਰਨੇ ਲਾਉਣੇ ਪੈਂਦੇ ਸਨ ਅਤੇ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਜਾਮ ਹੋ ਜਾਂਦੀਆਂ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਖ਼ਤ ਹਦਾਇਤ ਹੈ ਕਿ ਮੰਡੀਆਂ ਵਿੱਚ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ) ਅਤੇ ਮਜ਼ਦੂਰਾਂ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ ਅਤੇ ਖਰੀਦ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।