ਤਰਨ ਤਾਰਨ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦਰਜ ਕਰੇਗੀ ਇਤਿਹਾਸਕ ਜਿੱਤ: ਮੁੱਖ ਮੰਤਰੀ ਭਗਵੰਤ ਮਾਨ
ਜਨ-ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਭਾਰੀ ਜਿੱਤ ਦਰਜ ਕਰੇਗੀ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਪੱਖ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਲਗਾਏ ਦੋਸ਼
ਪੰਜਾਬ ਤੇਜ਼ੀ ਨਾਲ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ: ਭਗਵੰਤ ਮਾਨ
ਵਿਰੋਧੀ ਪੱਖ ਨਹੀਂ ਪਚਾ ਪਾ ਰਹੇ ਲੋਕਾਂ ਦੇ ਹਿੱਤ ’ਚ ਲਏ ਫੈਸਲੇ: ਮੁੱਖ ਮੰਤਰੀ ਭਗਵੰਤ ਮਾਨ
ਤਰਨਤਾਰਨ, 3 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਤਰਨਤਾਰਨ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਦਰਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਇਹ ਸਪੱਸ਼ਟ ਦਿਖ ਰਿਹਾ ਹੈ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ 'ਆਪ' ਤਰਨਤਾਰਨ ਵਿੱਚ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਰਕੇ ਲੋਕ ਪਾਰਟੀ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਹੈ ਜਿਸ ਦੇ ਨਤੀਜੇ ਵਜੋਂ ਲੋਕ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਦੇ ਆਗੂ ਸਿਰਫ਼ ਸਰਕਾਰ ਨੂੰ ਸਿਰਫ਼ ਬੇਵਜ੍ਹਾ ਭੰਡਣ ਦੇ ਉਦੇਸ਼ ਲਈ ਹੀ ਇਸਦੀ ਆਲੋਚਨਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਵੱਲ ਧਿਆਨ ਨਾ ਦੇ ਕੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ-ਪੱਖੀ ਫੈਸਲਿਆਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਉਹ ਆਪਣੇ ਨਿੱਜੀ ਸਵਾਰਥਾਂ ਖ਼ਾਤਰ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਘਿਨਾਉਣੇ ਪਾਪ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸਿਰਫ਼ ਬਿਆਨ ਜਾਰੀ ਕਰਕੇ ਖੁਦ ਨੂੰ ਪਾਪਾਂ ਤੋਂ ਮੁਕਤ ਨਹੀਂ ਕਰ ਸਕਦੇ ਕਿਉਂਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਨ੍ਹਾਂ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੁਖਬੀਰ ਨੂੰ ਇਹ ਸ਼ੇਖੀ ਮਾਰਨ ਦਾ ਬਹੁਤ ਸ਼ੌਕ ਹੈ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਬਹੁਤ ਵਿਕਾਸ ਹੋਇਆ ਹੈ ਜਦੋਂ ਕਿ ਉਹ ਬਰਗਾੜੀ ਦੀ ਘਟਨਾ, ਜਿੱਥੇ ਮਾਸੂਮ ਲੋਕਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ ਜਾਂ ਨਸ਼ੇ ਦੀ ਸਮੱਸਿਆ ਜਿਸ ਕਰਕੇ ਨੌਜਵਾਨ ਆਏ ਦਿਨ ਮਰ ਰਹੇ ਹਨ, ਬਾਰੇ ਗੱਲ ਕਰਨ ਦਾ ਜਿਗਰਾ ਨਹੀਂ ਰੱਖਦੇ ਕਿਉਂ ਕਿ ਇਹ ਮੁੱਦੇ ਅਕਾਲੀਆਂ ਦੇ ਮਾੜੇ ਕੁਸ਼ਾਸਨ ਦੇ ਗਵਾਹ ਹਨ। ਉਨ੍ਹਾਂ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਕੰਮ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਅਕਾਲੀ ਸ਼ਾਸਨ ਦੌਰਾਨ ਸਰਪ੍ਰਸਤੀ ਮਿਲਣ ਕਰਕੇ ਨਸ਼ਿਆਂ ਦੀ ਸਮੱਸਿਆ ਇੰਨੇ ਵੱਡੇ ਪੱਧਰ 'ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ 'ਜਰਨੈਲਾਂ' ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਸੁਣਨ ਵਿੱਚ ਇਹ ਵੀ ਆਉਂਦਾ ਹੈ ਕਿ ਉਹ ਆਪਣੀਆਂ ਸਰਕਾਰੀ ਸਰਕਾਰੀ ਗੱਡੀਆਂ ਵਿੱਚ ਨਸ਼ਾ ਵੇਚਦੇ/ਸਪਲਾਈ ਵੀ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਉਨ੍ਹਾਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਜਾਂ ਸ੍ਰੀ ਹਰਿਮੰਦਰ ਸਾਹਿਬ 'ਤੇ ਟੈਂਕਾਂ-ਤੋਪਾਂ ਨਾਲ ਹਮਲਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਪੰਜਾਬੀਆਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕਹਿੰਦੇ-ਕਹਾਉਂਦੇ ਆਗੂਆਂ ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਅਤੇ ਹੋਰਾਂ ਨੂੰ ਲੋਕਾਂ ਨੇ ਸਿਆਸਤ ਦੇ ਅਖਾੜੇ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਆਗੂ ਸੱਤਾ ਲਈ ਕਾਵਾਂਰੌਲੀ ਪਾ ਰਹੇ ਹਨ ਆਪਣੇ ਵਿਰੋਧੀਆਂ ਨੂੰ ਪਛਾੜਨ ਲਈ ਜੂਝ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੀ ਭਰਤੀ ਪ੍ਰਕਿਰਿਆ ਲਈ ਪੁਖਤਾ ਵਿਧੀ ਅਪਣਾਈ ਗਈ ਹੈ ਜਿਸ ਸਦਕਾ ਇਨ੍ਹਾਂ 56,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਸਬੰਧੀ ਕਿਸੇ ਵੱਲੋਂ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ ਜਿਸ ਕਾਰਨ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਵਿਚਾਰ ਛੱਡ ਕੇ ਇੱਥੇ ਹੀ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਜਨਤਾ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਸਬੰਧੀ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਸੜਕ ਸੁਰਖਿਆ ਫੋਰਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਾਪਤ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ 5,000 ਤੋਂ ਵੱਧ ਜਾਨਾਂ ਚਲੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 48 ਫ਼ੀਸਦ ਦੀ ਕਮੀ ਆਈ ਹੈ ਜੋ ਦੂਜੇ ਸੂਬਿਆ ਲਈ ਵੀ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਔਰਤਾਂ ਸਮੇਤ ਵਿਸ਼ੇਸ਼ ਤੌਰ 'ਤੇ ਭਰਤੀ ਕੀਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਭਾਰਤ ਸਰਕਾਰ ਦੇ ਨਾਲ ਨਾਲ ਕਈ ਸੂਬਿਆਂ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 848 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਐਨ.ਈ.ਈ.ਟੀ. ਪ੍ਰੀਖਿਆ ਪਾਸ ਕੀਤੀ ਹੈ ਜਦਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈ ਨੂੰ ਮੁਫ਼ਤ ਸਹੂਲਤ ਜਾਂ ਰਿਆਇਤਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬ ਦੇ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।