ਕੈਬਨਿਟ ਮੰਤਰੀ ਲਾਲਜੀਤ ਭੁੱਲਰ ਅਤੇ ਜਗਰੂਪ ਸੇਖਵਾਂ ਦੀ ਮੌਜੂਦਗੀ 'ਚ ਧਰਮੀ ਫੌਜੀਆਂ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ
40 ਸਾਲਾਂ ਤੱਕ ਅਕਾਲੀ-ਕਾਂਗਰਸ ਨੇ ਸਿਰਫ਼ ਵਰਤਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਮਾਣ: ਸਵਿੰਦਰ ਸਿੰਘ ਜ਼ਖਮੀ
ਧਰਮੀ ਫੌਜੀਆਂ ਦੀਆਂ ਮੰਗਾਂ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਲਾਲਜੀਤ ਸਿੰਘ ਭੁੱਲਰ
ਤਰਨਤਾਰਨ, 9 ਨਵੰਬਰ 2025
ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਧਰਮੀ ਫੌਜੀ ਵੈੱਲਫੇਅਰ ਬੋਰਡ ਨੇ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ। ਇਹ ਐਲਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬੋਰਡ ਦੇ ਚੇਅਰਮੈਨ ਸਰਦਾਰ ਸਵਿੰਦਰ ਸਿੰਘ ਜਖਮੀ ਅਤੇ 'ਆਪ' ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਧਰਮੀ ਫੌਜੀਆਂ ਨੂੰ ਦਹਾਕਿਆਂ ਤੱਕ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਏ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਧਰਮੀ ਫੌਜੀਆਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਧਰਮੀ ਫੌਜੀਆਂ ਨੂੰ ਟਿਕਟਾਂ ਦੇਣ ਦੇ ਦਾਅਵੇ ਬਿਲਕੁਲ ਖੋਖਲੇ ਹਨ, ਕਿਉਂਕਿ ਅਸਲੀਅਤ ਇਹ ਹੈ ਕਿ ਇਹਨਾਂ ਯੋਧਿਆਂ ਦੀ ਕਦੇ ਸਾਰ ਨਹੀਂ ਲਈ ਗਈ। ਮੰਤਰੀ ਭੁੱਲਰ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਧਰਮੀ ਫੌਜੀਆਂ ਦੀਆਂ ਸਾਰੀਆਂ ਕਾਨੂੰਨੀ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਧਰਮੀ ਫੌਜੀਆਂ ਨੂੰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਧਰਮੀ ਫੌਜੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਸਰਦਾਰ ਸਵਿੰਦਰ ਸਿੰਘ ਜਖਮੀ ਨੇ ਆਪਣੇ ਦਰਦ ਨੂੰ ਬਿਆਨ ਕਰਦਿਆਂ ਕਿਹਾ ਕਿ ਜੂਨ 1984 ਤੋਂ ਬਾਅਦ ਬਾਦਲ ਪਰਿਵਾਰ ਨੇ ਉਨ੍ਹਾਂ ਨੂੰ ਸਿਰਫ਼ ਸਿਆਸੀ ਹਿੱਤਾਂ ਲਈ ਵਰਤਿਆ ਅਤੇ ਪਿਛਲੇ 40-41 ਸਾਲਾਂ ਵਿੱਚ ਕਦੇ ਉਨ੍ਹਾਂ ਦੀ ਬਾਤ ਨਹੀਂ ਪੁੱਛੀ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਤਾਂ ਉਹ ਕੋਈ ਉਮੀਦ ਹੀ ਨਹੀਂ ਰੱਖਦੇ ਕਿਉਂਕਿ 84 ਦਾ ਘੱਲੂਘਾਰਾ ਉਨ੍ਹਾਂ ਦੀ ਹੀ ਦੇਣ ਹੈ। ਸਵਿੰਦਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਬੜੇ ਭਾਵੁਕ ਹੋ ਕੇ ਉਨ੍ਹਾਂ ਦਾ ਇੱਕ-ਇੱਕ ਮਸਲਾ ਸੁਣਿਆ। ਉਨ੍ਹਾਂ ਖੁਲਾਸਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਧਰਮੀ ਫੌਜੀਆਂ ਲਈ ਵੈੱਲਫੇਅਰ ਬੋਰਡ ਬਣਾ ਕੇ ਉਨ੍ਹਾਂ ਨੂੰ ਸਰਕਾਰੀ ਗਿਣਤੀ ਵਿੱਚ ਲਿਆਂਦਾ ਹੈ ਅਤੇ ਮਹੀਨਾਵਾਰ ਗ੍ਰਾਂਟ (MMG) 12,000 ਰੁਪਏ ਤੋਂ ਵਧਾ ਕੇ 16,000 ਰੁਪਏ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲਗਭਗ 2200-2300 ਐਕਟਿਵ ਧਰਮੀ ਫੌਜੀ ਪੂਰੀ ਤਰ੍ਹਾਂ 'ਆਪ' ਦੇ ਨਾਲ ਹਨ।
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਨੇ ਧਰਮੀ ਫੌਜੀ ਵੈੱਲਫੇਅਰ ਬੋਰਡ ਦੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਹੈ ਕਿ ਚੋਣਾਂ ਤੋਂ ਬਾਅਦ ਧਰਮੀ ਫੌਜੀਆਂ ਦੇ ਬਾਕੀ ਰਹਿੰਦੇ ਮਸਲਿਆਂ ਨੂੰ ਵੀ ਗੰਭੀਰਤਾ ਨਾਲ ਹੱਲ ਕੀਤਾ ਜਾਵੇਗਾ। ਸੇਖਵਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹਲਕੇ ਦੇ ਵਿਕਾਸ ਲਈ ਸਰਕਾਰ ਪੱਖੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ ਤਾਂ ਜੋ ਵਿਕਾਸ ਕਾਰਜ ਨਿਰਵਿਘਨ ਚੱਲ ਸਕਣ।