ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਕਿਹਾ-ਬਟਾਲੇ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 10 ਨਵੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।