ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਅਸ਼ੋਕ ਵਰਮਾ
ਬਠਿੰਡਾ, 11 ਨਵੰਬਰ 2025: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ 17 ਨਵੰਬਰ 2025 ਨੂੰ ਕਰਵਾਏ ਜਾਣ ਵਾਲੇ "ਲਾਈਟ ਐਂਡ ਸਾਊਂਡ" ਧਾਰਮਿਕ ਸਮਾਗਮ ਦੇ ਸਬੰਧ ਵਿੱਚ ਜਿਥੇ ਆਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਆਪੋਂ-ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਪੁਖਤਾਂ ਪ੍ਰਬੰਧਾਂ ਤੋਂ ਇਲਾਵਾ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਨਿਰਵਿਘਨ ਚਲਾਉਣਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਕਟਰੀ ਟੀਮਾਂ ਸਮੇਤ ਐਬੂਲੈਂਸਾਂ ਦਾ ਖਾਸ ਪ੍ਰਬੰਧ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਸਾਫ-ਸਫਾਈ ਆਦਿ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੈਰੀਕੇਡਿੰਗ, ਬਿਜਲੀ, ਆਰਜ਼ੀ ਪਖਾਨੇ, ਪੀਣ ਵਾਲੇ ਪਾਣੀ ਆਦਿ ਸਾਰੇ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ 17 ਨਵੰਬਰ 2025 ਦੀ ਸ਼ਾਮ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿੱਚ ਕਰਵਾਏ ਜਾ ਰਹੇ “ਲਾਈਟ ਐਂਡ ਸਾਊਂਡ'' ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਡਮੁੱਲੀ ਜਾਣਕਾਰੀ ਹਾਸਲ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਧਾਲੀਵਾਲ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।