ਚੰਡੀਗੜ੍ਹ ਕਿਸਾਨ ਮੋਰਚੇ ਲਈ ਮਹਿਲ ਕਲਾਂ ਤੋਂ ਰਵਾਨਾ ਹੋਵੇਗਾ ਸੈਂਕੜੇ ਕਿਸਾਨਾਂ ਦਾ ਕਾਫਲਾ
ਅਸ਼ੋਕ ਵਰਮਾ
ਮਹਿਲਕਲਾਂ ,25 ਨਵੰਬਰ 2025 :ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜ਼ਿਲ੍ਹਾ ਬਰਨਾਲਾ ਵੱਲੋਂ ਐਸਕੇਐਮ ਦੇ ਸੱਦੇ 'ਤੇ ਇਤਿਹਾਸਕ ਜੇਤੂ ਕਿਸਾਨ ਘੋਲ ਦੀ 5ਵੀਂ ਵਰ੍ਹੇ ਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਾਲੇ ਪ੍ਰੋਗਰਾਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਖਜ਼ਾਨਚੀ ਸਤਨਾਮ ਸਿੰਘ ਬਰਨਾਲਾ, ਬਲਾਕ ਮਹਿਲਕਲਾਂ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਮੂੰਮ ਨੇ ਦੱਸਿਆ ਕਿ ਪੰਜ ਸਾਲ ਪਹਿਲਾਂ 26 ਨਵੰਬਰ ਨੂੰ ਪੰਜਾਬ, ਹਰਿਆਣਾ, ਯੂਪੀ ਅਤੇ ਹੋਰ ਕਈ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਮਹਾਨ ਇਤਿਹਾਸਕ ਮੋਰਚਾ ਸ਼ੁਰੂ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਇਸ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਦੇ ਮੌਕੇ ’ਤੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਹੱਲ ਕਰਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-43 ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਦਹਿ-ਹਜ਼ਾਰਾਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾਵੇਗਾ। ਇਸ ਵਿਸ਼ਾਲ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਬਲਾਕਾਂ ਮਹਿਲਕਲਾਂ, ਬਰਨਾਲਾ ਅਤੇ ਸਹਿਣਾ ਵਿੱਚੋਂ ਬਾਬੂ ਸਿੰਘ ਖੁੱਡੀ ਕਲਾਂ, ਭੋਲਾ ਸਿੰਘ ਛੰਨਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਪੂਰੇ ਜੋਸ਼ ਨਾਲ ਸ਼ਾਮਲ ਹੋਣਗੇ। । ਇਸ ਮੌਕੇ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੂਬਾ ਸਲਾਹਕਾਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਸਾਲ ਭਰ ਚੱਲੇ ਇਤਿਹਾਸਕ ਮੋਰਚੇ ਸਮੇਂ ਕੇਂਦਰ ਸਰਕਾਰ ਨੇ ਕਿਸਾਨਾਂ ਅੱਗੇ ਗੋਡੇ ਟੇਕਦਿਆਂ ਤੇ ਖੇਤੀ-ਕਿਸਾਨੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨਾਲ ਇਹ ਵਾਅਦਾ ਕੀਤਾ ਸੀ ਕਿ ਸੰਘਰਸ਼ ਦੌਰਾਨ ਕਿਸਾਨਾਂ 'ਤੇ ਪਾਏ ਸਾਰੇ ਕੇਸ ਜਲਦੀ ਤੋਂ ਜਲਦੀ ਰੱਦ ਕਰ ਦਿੱਤੇ ਜਾਣਗੇ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੇਸ ਵਾਪਸ ਨਹੀਂ ਲਏ ਗਏ।
ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ-2025 ਵੀ ਲਾਗੂ ਕੀਤਾ ਜਾ ਰਿਹਾ ਹੈ ਤੇ ਸਮਾਰਟ ਮੀਟਰਾਂ ਰਾਹੀਂ ਪ੍ਰੀ-ਪੇਡ ਸਕੀਮ ਲਾਗੂ ਕਰਕੇ ਪਾਵਰਕਾਮ ਨੂੰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸੇ ਹੀ ਤਰ੍ਹਾਂ ਕੇਂਦਰ ਇਤਿਹਾਸਕ ਕਿਸਾਨ ਘੋਲ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਉੱਸਰੀ ਭਾਈਚਾਰਕ ਅਤੇ ਜਥੇਬੰਦਕ ਸਾਂਝ ਨੂੰ ਕਦੇ ਪਾਣੀਆਂ ਦੇ ਮਸਲੇ, ਕਦੇ ਪੰਜਾਬ ਯੂਨੀਵਰਸਿਟੀ ਅਤੇ ਕਦੇ ਚੰਡੀਗੜ੍ਹ ਦੇ ਬਹਾਨੇ ਖਿੰਡਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਅਜਿਹੀਆਂ ਸਾਜ਼ਿਸ਼ਾਂ ਨੂੰ ਕਦਾਚਿੱਤ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਬਰਨਾਲਾ-ਸੰਗਰੂਰ ਦੋਵੇਂ ਜਿਲ੍ਹਿਆਂ ਦਾ ਵੱਖ ਵੱਖ ਥਾਵਾਂ ਤੋਂ ਚੱਲ ਕੇ ਕਾਫ਼ਲਾ 26 ਨਵੰਬਰ ਸਵੇਰੇ 8 ਵਜੇ ਮਸਤੂਆਣਾ ਸਾਹਿਬ ਤੋਂ ਰਵਾਨਾ ਹੋਵੇਗਾ।