ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ 'ਤੇ ਸਮੂਹ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
ਅਸ਼ੋਕ ਵਰਮਾ
ਮਾਨਸਾ, 1 ਦਸੰਬਰ। 2025:ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਕਿਹਾ ਕਿ ਜ਼ਿਆਦਾਤਰ ਚੋਣ ਬੂਥ ਸਕੂਲਾਂ ਵਿਚ ਹਨ, ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਰੇ ਆਰਓਜ਼ ਨਾਲ ਤਾਲਮੇਲ ਕਰਕੇ ਸਹੂਲਤਾਂ ਯਕੀਨੀ ਬਣਾ ਲੈਣ।
ਇਸ ਤੋਂ ਇਲਾਵਾ ਓਨ੍ਹਾਂ ਬੈਲੇਟ ਬਕਸਿਆਂ, ਰੈਂਡੇਮਾਈਜ਼ੇਸ਼ਨ, ਰੀਹਰਸਲ, ਸਟਰਾਂਗ ਰੂਮ ਬਾਰੇ ਹਦਾਇਤਾਂ ਜਾਰੀ ਕੀਤੀਆਂ ਅਤੇ ਸਾਰੇ ਸਬੰਧਤ ਅਮਲੇ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਹੈ। 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ, ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ, ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ, ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ, ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਰ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰ ਹਾਜ਼ਰ ਸਨ।