ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਪੰਜਾਬੀ ਯੂਨੀਵਰਸਿਟੀ ਦੇ VC ਡਾ. ਜਗਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ
ਪਟਿਆਲਾ, 5 ਦਸੰਬਰ
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ.ਵੱਲੋਂ ਪੰਜਾਬੀ ਯੂਨੀਵਰਸਿਟੀ ਦੇ VC ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ਼ ਮੁਲਾਕਾਤ ਕੀਤੀ ਗਈ।
ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਅਕਾਦਮਿਕ ਪ੍ਰਗਤੀ, ਖੋਜ ਪ੍ਰਾਪਤੀਆਂ, ਸਮਾਜਿਕ ਸੇਵਾਵਾਂ ਅਤੇ ਕਮਿਊਨਿਟੀ ਆਊਟਰੀਚ ਨਾਲ਼ ਸਬੰਧਤ ਉਪਰਾਲਿਆਂ ਅਤੇ ਯੂਨੀਵਰਸਿਟੀ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ਼ ਜਾਣਕਾਰੀ ਦਿੱਤੀ।
ਸੁਖਵਿੰਦਰ ਸਿੰਘ ਬਿੰਦਰਾ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਗੁਣਵੱਤਾ ਭਰਪੂਰ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਮੰਤਰਾਲੇ ਦੇ ਹਵਾਲੇ ਨਾਲ਼ ਸੁਝਾਅ ਦਿੱਤੇ ਕਿ ਕਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਭਵਿੱਖ ਵਿੱਚ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਨਾਲ਼ ਸਬੰਧਤ ਵੱਖ–ਵੱਖ ਯੋਜਨਾਵਾਂ ਤੋਂ ਹੋਰ ਲਾਭ ਪ੍ਰਾਪਤ ਕਰ ਸਕਦੀ ਹੈ।
ਉਨ੍ਹਾਂ ਨੇ ਕੇਂਦਰੀ ਫੈਲੋਸ਼ਿਪਾਂ, ਖੇਡਾਂ ਲਈ ਸਹਾਇਤਾ ਅਤੇ ਵਿੱਤੀ ਮਦਦ, ਜਾਗਰੂਕਤਾ ਅਤੇ ਕਮਿਊਨਿਟੀ ਪ੍ਰੋਗਰਾਮਾਂ ਲਈ ਸਪਾਂਸਰਸ਼ਿਪ, ਅਤੇ ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵੱਖ–ਵੱਖ ਪਹਿਲਕਦਮੀਆਂ ਬਾਰੇ ਵਿਸ਼ੇਸ਼ ਤੌਰ ’ਤੇ ਰੌਸ਼ਨੀ ਪਾਈ।
ਉਨ੍ਹਾਂ ਨਸ਼ਾ ਰੋਕਥਾਮ, ਪੁਨਰਵਾਸ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ ਲਈ ਭਾਰਤ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਨੂੰ ਇਨ੍ਹਾਂ ਰਾਸ਼ਟਰੀ ਪਹਿਲਾਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਯਕੀਨ ਦਵਾਇਆ ਕਿ ਮੰਤਰਾਲਾ ਯੂਨੀਵਰਸਿਟੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਰਹੇਗਾ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ, ਡੀਨ, ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼, ਡਾ. ਦਮਨਜੀਤ ਸੰਧੂ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਡਾ. ਬਲਰਾਜ ਸਿੰਘ, ਡਾਇਰੈਕਟਰ ਕਾਂਸਟੀਚੂਐਂਟ ਕਾਲਜਿਜ਼ ਡਾ. ਅਮਰ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ ਸਨ।