ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਵੇਖਣ
ਅਸ਼ੋਕ ਵਰਮਾ
ਬਠਿੰਡਾ, 12 ਦਸੰਬਰ 2025 :ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਿਲ੍ਹੇ ਦੇ ਡੇਂਗੂ ਪ੍ਰਭਾਵਿਤ ਏਰੀਆ ਵਿੱਚ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਜਿਲ੍ਹਾ ਸਿਹਤ ਵਿਭਾਗ ਦੀ ਹਦਾਇਤਾਂ ਅਨੁਸਾਰ ਡੇਂਗੂ ਬਿਮਾਰੀ ਤੋਂ ਬਚਾਅ ਅਤੇ ਕਾਬੂ ਲਈ ਅੱਜ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਸਰਵੇ ਕਰਵਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਰੁਕਾ ਹੋਇਆ ਸਾਫ਼ ਅਤੇ ਗੰਦਾ ਪਾਣੀ ਚੈਕ ਕੀਤਾ, ਲਾਰਵਾ ਦੀ ਮੌਜੂਦਗੀ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਡੇਂਗੂ ਰੋਕਥਾਮ ਬਾਰੇ ਜਾਗਰੂਕ ਕੀਤਾ । ਸਰਵੇ ਦੌਰਾਨ ਜਿਨ੍ਹਾਂ ਘਰਾਂ ਵਿੱਚ ਲਾਰਵਾ ਪਾਇਆ ਗਿਆ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਸਫਾਈ ਕਰਨ ਲਈ ਕਿਹਾ ਗਿਆ ।
ਇਸ ਮੌਕੇ ਸਿਹਤ ਵਿਭਾਗ ਨੇ ਅਪੀਲ ਕੀਤੀ ਕਿ ਲੋਕ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਡੇਂਗੂ ਬਿਮਾਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਨਾਗਰਿਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਬੁਖਾਰ ਜਾਂ ਡੇਂਗੂ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ। ਉਹਨਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ, ਫਾਗਿੰਗ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਹਰੇਕ ਸਰਕਾਰੀ ਦਫਤਰਾਂ ਵਿੱਚ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ । ਜਿਸ ਦੌਰਾਨ ਘਰ ਅਤੇ ਦਫ਼ਤਰਾਂ ਵਿੱਚ ਮੌਜੂਦ ਕੂਲਰਾਂ, ਫਰਿਜ਼ ਦੀ ਟਰੇਅ, ਪੰਛੀਆਂ ਲਈ ਰਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ। ਉਹਨਾਂ ਦੱਸਿਆ ਜੇ ਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲੱਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜਰ ਆਉਣ ਤਾਂ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ । ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।