Punjab Weather : 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ
ਚੰਡੀਗੜ੍ਹ, 14 ਦਸੰਬਰ 2025: ਅੱਜ 14 ਦਸੰਬਰ ਮੌਸਮ ਵਿਭਾਗ ਨੇ ਸੂਬੇ ਦੇ 13 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਧੁੰਦ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ। ਆਦਮਪੁਰ 6.8 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ। ਇਸ ਦੇ ਨਾਲ ਹੀ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਫਰੀਦਕੋਟ ਵਿੱਚ ਦਿਨ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਇਸ ਨਾਲ ਦ੍ਰਿਸ਼ਟੀ ਪ੍ਰਭਾਵਿਤ ਹੋਵੇਗੀ, ਜਿਸ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਸੂਬੇ ਵਿੱਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਤੋਂ 12 ਡਿਗਰੀ ਦੇ ਵਿਚਕਾਰ ਰਿਹਾ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਾਤ ਰਹੀ ਹੈ। ਇੱਥੇ ਘੱਟੋ-ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਆਦਮਪੁਰ ਤੋਂ ਬਾਅਦ, ਲੁਧਿਆਣਾ ਵਿੱਚ ਦੂਜਾ ਸਭ ਤੋਂ ਘੱਟ ਤਾਪਮਾਨ 7.8 ਡਿਗਰੀ ਦਰਜ ਕੀਤਾ ਗਿਆ ਹੈ।