ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ :ਬਠਿੰਡਾ ਜ਼ਿਲ੍ਹੇ ਵਿੱਚ 53.60 ਫੀਸਦੀ ਹੋਈ ਪੋਲਿੰਗ
ਅਸ਼ੋਕ ਵਰਮਾ
ਬਠਿੰਡਾ, 15 ਦਸੰਬਰ 2025: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਜ਼ਿਲ੍ਹੇ ਭਰ 'ਚ 53.60 ਫੀਸਦੀ ਪੋਲਿੰਗ ਹੋਈ। ਪੋਲਿੰਗ ਦੀ ਪ੍ਰਕਿਰਿਆ ਸਾਰੇ ਜ਼ਿਲ੍ਹੇ ਵਿੱਚ ਸ਼ਾਂਤਮਈ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਉਹਨਾਂ ਨੇ ਇਹ ਵੀ ਦੱਸਿਆ ਕਿ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ ਉਸੇ ਦਿਨ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਅੰਦਰ ਹੋਈ ਪੋਲਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਬਠਿੰਡਾ ਵਿੱਚ 52.25, ਗੋਨਿਆਣਾ 55, ਤਲਵੰਡੀ ਸਾਬੋ 51.60, ਮੌੜ 61.68, ਰਾਮਪੁਰਾ ਫੂਲ 50.80, ਫੂਲ 55.36, ਸੰਗਤ 54.13 ਅਤੇ ਬਲਾਕ ਨਥਾਣਾ ਵਿਖੇ 51.60 ਫੀਸਦੀ ਪੋਲਿੰਗ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨੇ ਦੱਸਿਆ ਕਿ ਵੋਟਰਾਂ ਵੱਲੋਂ ਵੀ ਲੋਕਤੰਤਰਕ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ, ਜੋ ਲੋਕਤੰਤਰ ਪ੍ਰਤੀ ਜ਼ਿਲ੍ਹਾ ਵਾਸੀਆਂ ਦੀ ਸਚੇਤਤਾ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਖਾਸ ਕਰਕੇ ਪਿੰਡ ਪੱਧਰ ‘ਤੇ ਵੋਟਰਾਂ ਦੀ ਸਾਰਥਕ ਭਾਗੀਦਾਰੀ ਸਰਾਹਣਯੋਗ ਰਹੀ। ਜ਼ਿਲ੍ਹੇ ਦੇ ਪਿੰਡ ਕੁਟੀ ਦੇ ਇੱਕ ਨੌਜਵਾਨ ਲਾੜੇ ਨੇ ਬਰਾਤ ਚੜਨ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਨੂੰ ਸਫਲਤਾ ਪੂਰਵਕ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਸਮੂਹ ਚੋਣ ਅਮਲੇ, ਪੁਲਿਸ ਪ੍ਰਸ਼ਾਸਨ, ਹੋਰ ਸਬੰਧਤ ਵਿਭਾਗਾਂ ਅਤੇ ਮੀਡੀਆ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਅਗਲੀ ਚੋਣ ਪ੍ਰਕਿਰਿਆਵਾਂ ਨੂੰ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾਵੇਗਾ, ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤੀ ਮਿਲ ਸਕੇ।