Mohali ਵਿੱਚ ਗਿਣਤੀ ਕੇਂਦਰਾਂ ਦਾ ਤਿੰਨ ਕਿਲੋਮੀਟਰ ਦਾ ਘੇਰਾ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਦੌਰਾਨ ਡਰਾਈ ਡੇਅ ਐਲਾਨਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ :
ਜ਼ਿਲ੍ਹਾ ਮੈਜਿਸਟਰੇਟ, ਸ੍ਰੀਮਤੀ ਕੋਮਲ ਮਿੱਤਲ, ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਅੰਦਰ ਸਟ੍ਰਾਂਗ ਰੂਮ/ਗਿਣਤੀ ਕੇਂਦਰਾਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਅਤੇ ਭਾਰਤੀਯ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮਿਤੀ 17.12.2025 ਸਵੇਰੇ 05.00 ਵਜੇ ਤੋਂ ਸ਼ਾਮ 05.00 ਵਜੇ ਤੱਕ, ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਅਤੇ ਅਹਾਤਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਕਤ ਦਰਸਾਈ ਗਈ ਮਿਤੀ ਅਤੇ ਸਮੇਂ ਦੌਰਾਨ ਕੋਈ ਵੀ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਨਾ ਹੀ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵਰਤਾਈ ਜਾਏਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।
ਇਹ ਹੁਕਮ ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ਵਿੱਚ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਮਿਤੀ 17.12.2025 ਨੂੰ ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀ ਮਾਜਰਾ ਅਤੇ ਸਰਕਾਰੀ ਕਾਲਜ, ਡੇਰਾਬੱਸੀ ਵਿੱਚ ਕਰਵਾਈਆਂ ਜਾਣੀਆਂ ਹਨ।
ਸੀਨੀਅਰ ਕਪਤਾਨ ਪੁਲਿਸ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਨਾਉਣਗੇ।