4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਡਰੋਨ ਡਰਾਪਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ) , ਤਿਲਕ ਉਰਫ਼ ਸ਼ਿਬੂ (18) ਜੋ ਕਿ ਰਾਜੀਵ ਗਾਂਧੀ ਵਿਹਾਰ, ਜਲੰਧਰ ਦਾ ਵਸਨੀਕ ਹੈ ਪਰ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਰਹਿੰਦਾ ਹੈ ਅਤੇ ਦਲਜੀਤ ਸਿੰਘ ਉਰਫ਼ ਲਾਲਾ (20), ਜੋ ਕਿ ਪਿੰਡ ਨੌਸ਼ਹਿਰਾ ਢੱਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਪਿੰਡ ਮੁਸਤਫਾਬਾਦ ਵਿੱਚ ਰਹਿੰਦਾ ਹੈ, ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ’ਤੇ, ਉਹ ਵੱਖ-ਵੱਖ ਥਾਵਾਂ ’ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਲਿਆਉਣ-ਲਿਜਾਣ ਅਤੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ ਨੂੰ 1.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਦੋ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ, ਜਿਸ ਨਾਲ ਹੋਰ ਬਰਾਮਦਗੀਆਂ ਹੋਈਆਂ। ਸ. ਭੁੱਲਰ ਨੇ ਕਿਹਾ ਕਿ ਉਕਤ ਦੇ ਖੁਲਾਸੇ ਦੇ ਆਧਾਰ ’ਤੇ, ਪੁਲਿਸ ਨੇ ਦੋ ਹੋਰ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਤਿਲਕ ਉਰਫ਼ ਸ਼ਿਬੂ ਅਤੇ ਦਲਜੀਤ ਸਿੰਘ ਉਰਫ਼ ਲਾਲਾ ਵਜੋਂ ਹੋਈ ਹੈ, ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ।
ਸੀ.ਪੀ. ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਵਿੱਚ ਸਰਹੱਦੀ ਖੇਤਰ ਦੇ ਨੇੜੇ ਰਿਹਾਇਸ਼ ਹੋਣ ਕਾਰਨ, ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ, ਫਿਰੋਜ਼ਪੁਰ ਖੇਤਰ ਵਿੱਚ ਡਰੋਨ ਡਰੌਪ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹੋਰ ਗੈਰ-ਕਾਨੂੰਨੀ ਖੇਪਾਂ ਪ੍ਰਾਪਤ ਕਰਨ ਵਿੱਚ ਸਰਗਰਮ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ ਖੇਪਾਂ ਪ੍ਰਾਪਤ ਕਰਨ ਲਈ ਇੱਕ ਵਿਦੇਸ਼ੀ ਤਸਕਰ ਨਾਲ ਸਿੱਧੇ ਤੌਰ ‘ਤੇ ਸੰਪਰਕ ਵਿੱਚ ਸੀ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 (6, 7, 8) ਅਧੀਨ ਐਫ.ਆਈ.ਆਰ. ਨੰਬਰ 345 ਮਿਤੀ 12-12-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।