ਫਤਹਿਗੜ੍ਹ ਸਾਹਿਬ: 6 ਡਰੋਨਾਂ ਅਤੇ 300 CCTV ਕੈਮਰਿਆਂ ਨਾਲ ਪੁਲਿਸ ਰੱਖ ਰਹੀ ਹੈ ਤਿੱਖੀ ਨਜ਼ਰ: ਸ਼ੁਭਮ ਅਗਰਵਾਲ
ਸੰਗਤ ਦੀ ਸੁਵਿਧਾ ਲਈ 2 ਦਰਜਨ ਦੇ ਕਰੀਬ ਛੋਟੀਆਂ ਵੱਡੀਆਂ ਪਾਰਕਿੰਗਾਂ ਸਥਾਪਤ
79 ਪੁਲਿਸ ਨਾਕਿਆਂ ਰਾਹੀਂ ਸ਼ਰਾਰਤੀ ਅਨਸਰਾਂ ਨੂੰ ਪਾਈ ਜਾ ਰਹੀ ਹੈ ਠੱਲ੍ਹ
ਸੰਗਤ ਦੀ ਮਦਦ ਲਈ 6 ਪੁਲਿਸ ਸਹਾਇਤਾ ਕੇਂਦਰ ਕਾਰਜਸ਼ੀਲ
ਫਤਹਿਗੜ੍ਹ ਸਾਹਿਬ, 22 ਦਸੰਬਰ 2025- ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੱਦੇਨਜ਼ਰ ਜਿ਼ਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਸੁਰੱਖਿਆ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਅੱਜ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਸਮੂਹ ਐਸ.ਪੀਜ਼, ਡੀ.ਐਸ.ਪੀਜ਼ ਤੇ ਹੋਰ ਪੁਲਿਸ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ ਤੇ ਸੁਵਿਧਾ ਲਈ ਪੁਖ਼ਤਾ ਇੰਤਜਾਮ ਕੀਤੇ ਗਏ ਹਨ।
ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਥੇ 6 ਹਾਈਟੈਕ ਡਰੋਨਾਂ ਰਾਹੀਂ ਆਸਮਾਨ ਉਤੋਂ ਨਜ਼ਰ ਰੱਖੀ ਜਾ ਰਹੀ ਹੈੈ ਉਥੇ ਹੀ ਵੱਖ—ਵੱਖ ਮਾਰਗਾਂ ਉਤੇ 300 ਸੀ.ਸੀ.ਟੀ.ਵੀ ਕੈਮਰੇ ਲਗਵਾਏ ਗਏ ਹਨ ਤਾਂ ਜੋ ਜੇਬ ਕਤਰਿਆਂ ਜਾਂ ਹੋਰ ਗੈਰ ਸਮਾਜਿਕ ਅਨਸਰਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਟਰੈਫਿਕ ਰੂਟ ਤਿਆਰ ਕੀਤਾ ਗਿਆ ਹੈ ਅਤੇ ਬਾਹਰੋਂ ਆਉਣ ਵਾਲੇ ਵਾਹਨਾਂ ਲਈ 11 ਬਦਲਵੇ ਰੂਟਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ 19 ਵਿਸ਼ੇਸ਼ ਟਰੈਫਿਕ ਪੁਆਇੰਟ ਬਣਾਏ ਗਏ ਹਨ ਤਾਂ ਜੋ ਟਰੈਫਿਕ ਜਾਮ ਦੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤ ਦੀਆਂ ਗੱਡੀਆਂ ਨੂੰ ਖੜ੍ਹਾਉਣ ਲਈ 2 ਦਰਜਨ ਦੇ ਕਰੀਬ ਛੋਟੀਆਂ ਵੱਡੀਆਂ ਪਾਰਕਿੰਗਾਂ ਲਈ ਸਥਾਨ ਰਾਖਵੇਂ ਕੀਤੇ ਗਏ ਹਨ।
ਐਸ.ਐਸ.ਪੀ ਨੇ ਦੱਸਿਆ ਕਿ ਪੂਰੇ ਇਲਾਕੇ ਨੂੰ 6 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਣ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਫ਼ਤਹਿਗੜ੍ਹ ਸਾਹਿਬ ਤੇ ਨੇੜਲੇ ਜ਼ਿਲ੍ਹਿਆਂ ਦੇ ਕਰੀਬ 3500 ਪੁਲਿਸ ਅਧਿਕਾਰੀ ਤੇ ਕਰਮਚਾਰੀ ਸੇਵਾਵਾਂ ਪ੍ਰਦਾਨ ਕਰਨਗੇ। ਅਗਰਵਾਲ ਨੇ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲ੍ਹੇ ਦੀਆਂ ਹੱਦਾਂ ਅਤੇ ਅੰਦਰੂਨੀ ਰਸਤਿਆਂ 'ਤੇ 79 ਪੁਲਿਸ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਪੁਲਿਸ ਸਹਾਇਤਾ ਕੇਂਦਰਾਂ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ ਜੋ ਗੁੰਮ ਹੋਏ ਬੱਚਿਆਂ ਜਾਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਵਿੱਚ ਮਦਦ ਕਰਨਗੀਆਂ।