ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਅਸ਼ੋਕ ਵਰਮਾ
ਮਾਨਸਾ, 24 ਦਸੰਬਰ 2025 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਕਮਿਸ਼ਨ ਮੈਂਬਰ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨਾ ਹੋਵੇ। ਓਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ''ਵੁਆਇਸ ਆਫ਼ ਮਾਨਸਾ'' ਵੱਲੋਂ ਇਹ ਸੈਮੀਨਾਰ ਕਰਵਾਉਣ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਜਿਹੇ ਸੈਮੀਨਾਰ ਬਹੁਤ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 14-14 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ 'ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਇਸ ਮੌਕੇ "ਵੁਆਇਸ ਆਫ ਮਾਨਸਾ" ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਵੁਆਇਸ ਆਫ ਮਾਨਸਾ ਲਗਾਤਾਰ ਸਮਾਜਿਕ ਮੁੱਦਿਆਂ ਅਤੇ ਸਮਾਜ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਮਨੁੱਖੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੀਆਂ ਸ਼ਹਿਰ ਦੀਆਂ ਸਮੱਸਿਆਵਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੇ ਸਨਮੁੱਖ ਰੱਖੀਆਂ ਜਿਸ ਦੇ ਯੋਗ ਹੱਲ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ।ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਅਤੇ ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿਚ ਸਿਹਤ ਵਿਭਾਗ, ਨਗਰ ਕੌਂਸਲ, ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਨੁੱਖੀ ਅਧਿਕਾਰਾਂ ਸਬੰਧੀ ਸੁਝਾਅ ਵੀ ਹਾਸਿਲ ਕੀਤੇ ।
ਇਸ ਮੌਕੇ ਹਰਿੰਦਰ ਮਾਨਸ਼ਾਹੀਆ, ਵਿਸ਼ਵਦੀਪ ਬਰਾੜ, ਪ੍ਰੋਜੈਕਟ ਚੇਅਰਮੈਨ ਲਖਵਿੰਦਰ ਸਿੰਘ ਮੂਸਾ, ਸਮਾਜ ਸੇਵਕ ਮਿੱਠੂ ਰਾਮ ਅਰੋੜਾ, ਬਲਵਿੰਦਰ ਕਾਕਾ, ਬਿੱਕਰ ਮਘਾਣੀਆਂ, ਨਵਦੀਪ ਆਹਲੂਵਾਲੀਆ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।