ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਫ਼ਤਿਹਗੜ੍ਹ ਸਾਹਿਬ, 25 ਦਸੰਬਰ:
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਅੱਜ ਸਬ ਡਵੀਜ਼ਨਲ ਕੰਪਲੈਕਸ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਸੁਰਿੰਦਰ ਸਿੰਘ ਧਾਲੀਵਾਲ, ਐੱਸ ਡੀ ਐਮ ਸੂਬਾ ਸਿੰਘ (ਫ਼ਤਹਿਗੜ੍ਹ ਸਾਹਿਬ) ਤੇ ਮਨਰੀਤ ਰਾਣਾ (ਖਮਾਣੋਂ), ਸ਼ੰਕਰ ਸ਼ਰਮਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਵਿਸ਼ੇਸ਼ ਤੌਰ 'ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਬਿਨਾਸ਼ੀ ਸਿੰਘ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਕੁਰਬਾਨੀ ਹੈ, ਜੋ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਡਟਣ ਅਤੇ ਹੱਕ-ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਇਹ ਦਿਹਾੜੇ ਸਮੁੱਚੀ ਮਨੁੱਖਤਾ ਲਈ ਬਹੁਤ ਹੀ ਭਾਵੁਕ ਅਤੇ ਸ਼ਰਧਾ ਭਰੇ ਹਨ। ਉਨ੍ਹਾਂ ਸਮੂਹ ਸਟਾਫ ਅਤੇ ਇਲਾਕਾ ਨਿਵਾਸੀਆਂ ਨੂੰ ਸਾਹਿਬਜ਼ਾਦਿਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।
ਇਸ ਧਾਰਮਿਕ ਸਮਾਗਮ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।