ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਪ੍ਰਧਾਨ ਅਮਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਅਸ਼ੋਕ ਵਰਮਾ
ਬਠਿੰਡਾ, 27 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮਹਿਲਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 45 ਦੇ ਪ੍ਰਧਾਨ ਮੈਡਮ ਅਮਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ। ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ। ਸਾਧੂ ਸਿੰਘ ਦੀ ਅਗਵਾਈ ਵਿੱਚ ਮੈਡਮ ਅਮਰਜੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੱਕ ਮਹਿਲਾ ਅਕਾਲੀ ਦਲ ਦੇ ਵਾਰਡ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਪਰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਪਿਛਲੇ ਦਸ ਮਹੀਨਿਆਂ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ, ਸਫਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਨੇ ਜਨਤਾ ਵਿੱਚ ਇੱਕ ਸਕਾਰਾਤਮਕ ਮਾਹੌਲ ਪੈਦਾ ਕੀਤਾ ਹੈ ਅਤੇ ਉਹ ਹੁਣ ਇਸ ਤਬਦੀਲੀ ਦਾ ਹਿੱਸਾ ਬਣਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਮੌਕੇ ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੈਡਮ ਅਮਰਜੀਤ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਅਤੇ ਜਨ ਸੰਪਰਕ ਪਾਰਟੀ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਹੱਤਵਪੂਰਨ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਨੂੰ ਇੱਕ ਖੁਸ਼ਹਾਲ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਨੇੜਲੇ ਭਵਿੱਖ ਵਿੱਚ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਦੇ ਆਦਰਸ਼ ਸ਼ਹਿਰਾਂ ਵਿੱਚ ਗਿਣਿਆ ਜਾਵੇਗਾ।