BJP ਦੇ ਤਰੁਣ ਚੁੱਘ ਨੇ ਬੰਗਲਾਦੇਸ਼ ਹਿੰਦੂਆਂ, 328 ਸਰੂਪ ਮਾਮਲੇ ਅਤੇ 2027 ਚੋਣਾਂ 'ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ, 3 ਜਨਵਰੀ, 2026: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਈ ਮਹੱਤਵਪੂਰਨ ਮੁੱਦਿਆਂ 'ਤੇ ਆਪਣੀ ਪਾਰਟੀ ਦਾ ਪੱਖ ਪੇਸ਼ ਕੀਤਾ।
ਅਟਲ ਜੀ ਨੂੰ ਸ਼ਰਧਾਂਜਲੀ
ਤਰੁਣ ਚੁੱਘ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਸਿਰਫ਼ ਇੱਕ ਸਿਆਸਤਦਾਨ ਨਹੀਂ ਸਨ, ਸਗੋਂ ਉਹ ਵਿਚਾਰਾਂ, ਆਦਰਸ਼ਾਂ ਅਤੇ ਰਾਸ਼ਟਰੀ ਸੇਵਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਮਾਰਗ ਅਤੇ ਸਿਧਾਂਤਾਂ 'ਤੇ ਚੱਲ ਕੇ ਹੀ ਦੇਸ਼ ਅੱਗੇ ਵੱਧ ਸਕਦਾ ਹੈ।
ਅੰਤਰਰਾਸ਼ਟਰੀ ਅਤੇ ਧਾਰਮਿਕ ਮੁੱਦੇ
ਬੰਗਲਾਦੇਸ਼ ਹਿੰਦੂਆਂ 'ਤੇ ਅੱਤਿਆਚਾਰ: ਚੁੱਘ ਨੇ ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ 'ਤੇ ਹੋ ਰਹੇ ਅੱਤਿਆਚਾਰਾਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਉੱਥੇ ਰਹਿਣ ਵਾਲੇ ਹਿੰਦੂਆਂ ਅਤੇ ਭਾਰਤੀ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
328 ਪਾਵਨ ਸਰੂਪ ਮਾਮਲਾ: ਇਸ ਸੰਵੇਦਨਸ਼ੀਲ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਮੰਗ ਕੀਤੀ ਕਿ ਇਸ ਦਾ ਰਾਜਨੀਤੀਕਰਨ ਨਹੀਂ ਹੋਣਾ ਚਾਹੀਦਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਗੱਠਜੋੜ
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਤਰੁਣ ਚੁੱਘ ਨੇ ਵੱਡਾ ਦਾਅਵਾ ਕੀਤਾ: ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ।
ਸੀਟਾਂ ਅਤੇ ਗੱਠਜੋੜ: ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਟਿੱਪਣੀ ਕਰਦੇ ਹੋਏ, ਚੁੱਘ ਨੇ ਗੰਭੀਰ ਚਿੰਤਾ ਪ੍ਰਗਟਾਈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲਿਸ ਥਾਣਿਆਂ 'ਤੇ ਬੰਬ ਧਮਾਕੇ, ਰੋਜ਼ਾਨਾ ਗੋਲੀਬਾਰੀ ਅਤੇ ਵਧਦੀਆਂ ਅਪਰਾਧਿਕ ਘਟਨਾਵਾਂ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰ ਰਹੀਆਂ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਆਏ ਹੜ੍ਹ ਮਨੁੱਖ ਦੁਆਰਾ ਬਣਾਏ ਗਏ ਸਨ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਭਾਵੇਂ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਜਾਰੀ ਕਰ ਚੁੱਕੀ ਹੈ।