ਜਿਥੇ ਲੋਕ, ਉਥੇ ਸਰਕਾਰ: ਪਿੰਡ ਹਰਚੰਦਪੁਰਾ ਵਿਖੇ ਲਗਾਇਆ ਇਰੀਗੇਸ਼ਨ ਕੈਂਪ
-ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ
-ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਣ ਲੱਗਿਆ ਸਿੰਚਾਈ ਲਈ ਨਹਿਰੀ ਪਾਣੀ : ਦਲਵੀਰ ਸਿੰਘ ਢਿੱਲੋਂ
-ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਮਾਨ ਸਰਕਾਰ ਨੇ ਕੀਤੀ ਵੱਡੀ ਪਹਿਲਕਦਮੀ : ਰਾਜਵੰਤ ਸਿੰਘ ਘੁੱਲੀ
ਧੂਰੀ, 5 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਅੱਜ ਧੂਰੀ ਹਲਕੇ ਦੇ ਪਿੰਡ ਹਰਚੰਦਪੁਰਾ ਵਿਖੇ ਵਿਸ਼ੇਸ਼ ਇਰੀਗੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਧਾਂਦਰਾ, ਦੋਹਲਾ ਤੇ ਹਰਚੰਦਪੁਰਾ ਦੇ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਤੇ ਐਸ.ਡੀ.ਐਮ. ਰਿਸ਼ਭ ਬਾਂਸਲ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚਾ ਪ੍ਰਸ਼ਾਸਨ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜਿਹੜੀ ਵੀ ਸਮੱਸਿਆਵਾਂ ਹਨ, ਉਹ ਬਿਨਾਂ ਦੇਰੀ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਕੰਮ ਚੱਲ ਰਿਹਾ ਹੈ ਤੇ ਜਿਹੜੇ ਪਿੰਡਾਂ ਨੂੰ ਹਾਲੇ ਤੱਕ ਨਹਿਰੀ ਪਾਣੀ ਦੀ ਸਹੂਲਤ ਨਹੀਂ ਮਿਲੀ ਹੈ, ਉਨ੍ਹਾਂ ਨੂੰ ਵੀ ਜਲਦੀ ਹੀ ਇਹ ਸਹੂਲਤ ਮਿਲਣ ਲੱਗੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਧੂਰੀ ਹਲਕੇ ਦੇ ਲੋਕਾਂ ਨਾਲ ਕੀਤੀ ਗਈ ਲੋਕ ਮਿਲਣ ਦੌਰਾਨ ਪਿੰਡ ਹਰਚੰਦਪੁਰਾ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਕੀਤੀ ਸੀ, ਜਿਸ ’ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਅੱਜ ਵਿਸ਼ੇਸ਼ ਕੈਂਪ ਲਗਾਕੇ ਪਿੰਡ ਹਰਚੰਦਪੁਰਾ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਿਉਂਤਬੰਦੀ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਲਈ ਵੱਡੀ ਪਹਿਲਕਦਮੀ ਕੀਤੀ ਹੈ, ਜਿਸ ਸਦਕਾ ਸੂਬੇ ਦੇ ਵੱਡੇ ਖੇਤਰ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗੀ ਹੈ, ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਵੀ ਕਾਰਗਰ ਸਾਬਤ ਹੋ ਰਹੀ ਹੈ।
ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਣ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ, ਜਿਸ ਲਈ ਵੱਡੀ ਪੱਧਰ ’ਤੇ ਸੂਏ ਪੱਕੇ ਕਰਨ ਦਾ ਕੰਮ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਹਿਰੀ ਪਾਣੀ ਹੋਰਨਾਂ ਪਿੰਡਾਂ ਵਿੱਚ ਵੀ ਪਹੁੰਚੇਗਾ।