ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਲੇਰਕੋਟਲਾ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਦੋ ਸ਼ੱਕੀ ਵਿਅਕਤੀ ਰਾਊਂਡ ਅੱਪ
ਮਾਲੇਰਕੋਟਲਾ, 6 ਜਨਵਰੀ-
ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ. ਪਟਿਆਲਾ ਬਲਜੀਤ ਸਿੰਘ ਰਾਠੋਰ ਦੀ ਅਗਵਾਈ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਸਥਾਨਕ ਮੁਹੱਲਾ ਚੋਰਮਾਰਾ, ਕਮਲ ਸਿਨੇਮਾ ਰੋਡ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਮੌਕੇ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਫੋਰਸ ਹਾਜ਼ਰ ਰਹੀ।
ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ. ਪਟਿਆਲਾ ਬਲਜੀਤ ਸਿੰਘ ਰਾਠੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਜਾਰੀ ਰਹੇਗੀ।ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਤੱਤਾਂ ਖ਼ਿਲਾਫ਼ ਜੀਰੋ ਟੋਲਰੈਸ ਦੀ ਨੀਤੀ ਦਾ ਅਖਤਿਆਰ ਕੀਤੀ ਹੈ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾ ਕੇ ਸ਼ੱਕੀ ਵਿਅਕਤੀਆਂ, ਨਸ਼ਾ ਤਸਕਰਾਂ ਅਤੇ ਅਪਰਾਧਿਕ ਤੱਤਾਂ ’ਤੇ ਨਕੇਲ ਕਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਬਣਿਆ ਹੈ । ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਜ਼ਿਲ੍ਹਾ ਪੁਲਿਸ ਦੀ ਪ੍ਰਾਥਮਿਕਤਾ ਹੈ। ਐਸ.ਐਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।