ਸੜਕ ਸੁਰੱਖਿਆ ਦੇ ਮੱਦੇਨਜ਼ਰ ਜਨਵਰੀ ਮਹੀਨੇ ਦੌਰਾਨ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਸਬੰਧੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2026: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਰੋਡ ਸੇਫਟੀ ਦੇ ਮੱਦੇਨਜ਼ਰ ਜਨਵਰੀ ਦਾ ਪੂਰਾ ਮਹੀਨਾ ਚਲਾਈ ਜਾਣ ਵਾਲੀ ਸਪੈਸ਼ਲ ਮੁਹਿੰਮ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਹੀ ਰੋਡ ਸੇਫਟੀ ਮੁਹਿੰਮ ਦਾ ਮੁੱਖ ਮੰਤਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੇਵਾ ਦਾ ਪੁੰਨ ਸਮਝ ਕੇ ਹੀ ਆਪੋਂ-ਆਪਣੀ ਡਿਊਟੀ ਨਿਭਾਈ ਜਾਵੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੁਹਿੰਮ ਤਹਿਤ ਸੀਟ ਬੈਲਟ ਨਾ ਲਗਾਉਣ, ਵਹਿਕਲ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ, ਓਵਰ ਸਪੀਡ, ਹੈਲਮਟ ਨਾ ਪਹਿਨਣ, ਰੈੱਡ ਲਾਈਟ ਦੀ ਉਲੰਘਣਾ ਕਰਨ ਅਤੇ ਸ਼ਰਾਬ ਪੀ ਕੇ ਵਹੀਕਲ ਚਲਾਉਣ ਵਰਗੀਆਂ ਉਲੰਘਣਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਰਫ਼ ਚਲਾਨ ਕਰਨ ਦੀ ਬਜਾਏ ਰੋਡ ਸੇਫਟੀ ਸਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇ, ਤਾਂ ਜੋ ਸੜਕ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਰੋਡ ਸੇਫਟੀ ਦੇ ਸਬੰਧ ਵਿੱਚ ਆਪੋਂ ਆਪਣੇ ਵਿਭਾਗ ਨਾਲ ਸਬੰਧਤ ਕੀਤੇ ਗਏ ਕਾਰਜਾਂ ਦੀਆਂ ਰਿਪੋਰਟਾਂ ਜਮ੍ਹਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਹ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਹੋ ਕੇ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕਿ ਰੋਡ ਸੇਫਟੀ ਦੇ ਸੰਬਧੀ ਬੱਚਿਆਂ ਦੇ ਪੇਟਿੰਗ, ਭਾਸ਼ਣ, ਕਵਿਤਾ ਆਦਿ ਮੁਕਾਬਲੇ ਕਰਵਾਉਣੇ ਯਕੀਨੀ ਬਣਾਏ ਜਾਣ।
ਇਸ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ‘ਤੇ ਵਾਇਟ ਪੱਟੀ, ਰੋਡਾਂ ਉਪਰ ਸਬੰਧਤ ਏਜੰਸੀਆਂ ਦੇ ਹੈਲਪ ਲਾਇਨ ਨੰਬਰ ਅਤੇ ਗੋਨਿਆਣਾ ਰੋਡ ‘ਤੇ ਸਥਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਨੇੜੇ (ਦੋਵਾਂ ਪਾਸੇ) ਸੰਕੇਤਕ ਬੋਰਡ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਉਪਰ ਹਰੇ-ਚਾਰੇ ਦੀਆਂ ਸਟਾਲਾਂ ਨੂੰ ਹਟਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਮੁੱਖ ਸਥਾਨਾਂ ‘ਤੇ ਰੋਡ ਸੇਫਟੀ ਸਬੰਧੀ ਪ੍ਰਚਾਰ ਹੋਰਡਿੰਗ ਲਗਾਉਣੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਡਰਾਈਵਰਾਂ ਦੇ ਅੱਖਾਂ ਦੇ ਟੈਸਟ ਅਤੇ ਮੈਡੀਕਲ ਚੈਕਅਪ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਧੁੰਦ ਦੇ ਮੌਸਮ ਕਾਰਨ ਦ੍ਰਿਸ਼ਟਤਾ ਘੱਟ ਹੋ ਜਾਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਦੋ ਪਹੀਆ, ਤਿੰਨ ਪਹੀਆ ਅਤੇ ਚਾਰ ਪਹੀਆ ਵਾਹਨਾਂ ਉੱਤੇ ਲਾਜ਼ਮੀ ਤੌਰ ‘ਤੇ ਰੀਫਲੈਕਟਰ ਲਗਾਏ ਜਾਣ ਤਾਂ ਜੋ ਰਾਤ ਸਮੇਂ ਅਤੇ ਧੁੰਦ ਦੌਰਾਨ ਵਾਹਨ ਦੂਰੋਂ ਹੀ ਸਪਸ਼ਟ ਦਿੱਖ ਸਕਣ। ਉਨ੍ਹਾਂ ਕਿਹਾ ਕਿ ਰੀਫਲੈਕਟਰ ਲਗਾਉਣਾ ਸਿਰਫ ਕਾਨੂੰਨੀ ਜ਼ਰੂਰਤ ਹੀ ਨਹੀਂ, ਸਗੋਂ ਆਪਣੀ ਅਤੇ ਹੋਰਾਂ ਦੀ ਜਾਨ ਦੀ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਆਰ.ਟੀ.ਏ. ਸ਼੍ਰੀ ਪੁਨੀਤ ਤੋਂ ਇਲਾਵਾ ਸਿਹਤ, ਸਿੱਖਿਆ, ਲੋਕ ਨਿਰਮਾਣ, ਟ੍ਰੈਫਿਕ ਪੁਲਿਸ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।