ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 7 ਜਨਵਰੀ 2026- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਾਰਚ 2026 ਤੱਕ ਲਾਗੂ ਰਹਿਣਗੇ।