ਐੱਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ : ਡਾ. ਹਰਪਿੰਦਰ ਸਿੰਘ
- ਕਮਿਊਨਿਟੀ ਹੈਲਥ ਸੈਂਟਰ, ਸੜੋਆ ਵਿਖੇ ਐੱਚ.ਪੀ.ਵੀ. ਵੈਕਸੀਨੇਸ਼ਨ ਸਬੰਧੀ ਐੱਲ.ਐੱਚ.ਵੀਜ਼ ਅਤੇ ਏ.ਐੱਨ.ਐੱਮਜ਼ ਦੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 9 ਜਨਵਰੀ 2026: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ, ਸੜੋਆ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ, ਸੜੋਆ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਵੈਕਸੀਨੇਸ਼ਨ ਸਬੰਧੀ ਐੱਲ.ਐੱਚ.ਵੀਜ਼ ਅਤੇ ਏ.ਐੱਨ.ਐੱਮਜ਼ ਲਈ ਬਲਾਕ ਪੱਧਰ ’ਤੇ ਇੱਕ ਦਿਨਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਇੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਹੈ। ਉਨ੍ਹਾਂ ਕਿਹਾ ਕਿ ਇਹ ਕੈਂਸਰ ਅਕਸਰ ਐੱਚ.ਪੀ.ਵੀ. ਵਾਇਰਸ ਕਾਰਨ ਹੁੰਦਾ ਹੈ ਅਤੇ ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਇਸ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਟ੍ਰੇਨਿੰਗ ਦੌਰਾਨ ਵੈਕਸੀਨੇਸ਼ਨ ਦੀ ਉਮਰ-ਯੋਗਤਾ, ਖੁਰਾਕਾਂ, ਸਟੋਰੇਜ, ਕੋਲਡਚੇਨ ਅਤੇ ਰਿਪੋਰਟਿੰਗ ਪ੍ਰਣਾਲੀ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਸੁਕੰਦਾ ਰਾਣਾ, ਪੀਡੀਆਟ੍ਰੀਸ਼ਨ ਨੇ ਭਾਗੀਦਾਰਾਂ ਨੂੰ ਐੱਚ.ਪੀ.ਵੀ. ਵੈਕਸੀਨੇਸ਼ਨ ਨਾਲ ਜੁੜੀਆਂ ਸ਼ੰਕਾਵਾਂ ਦੇ ਜਵਾਬ ਦਿੱਤੇ ਗਏ ਅਤੇ ਵਿਹਾਰਕ ਉਦਾਹਰਨਾਂ ਰਾਹੀਂ ਜ਼ਮੀਨੀ ਪੱਧਰ 'ਤੇ ਟੀਕਾਕਰਨ ਕਾਰਜਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਸੁਝਾਅ ਦਿੱਤੇ। ਉਨ੍ਹਾਂ ਦੱਸਿਆ ਕਿ ਔਰਤਾਂ ਵਿੱਚ ਹੋਣ ਵਾਲੇ ਜ਼ਿਆਦਾਤਰ ਚਾਰ ਤਰ੍ਹਾਂ ਦੇ ਕੈਂਸਰ ਵਿੱਚੋਂ ਸਰਵਾਈਕਲ ਕੈਂਸਰ ਨਾਲ ਭਾਰਤ ਵਿੱਚ ਇੱਕ ਲੱਖ ਪਿੱਛੇ 11 ਕੇਸ ਹੁੰਦੇ ਹਨ। ਇਸ ਲਈ ਇਹ ਵੈਕਸੀਨ ਲਗਵਾਉਣੀ ਬਹੁਤ ਜ਼ਰੂਰੀ ਹੈ। ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ।
ਅੰਤ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਐੱਚ.ਪੀ.ਵੀ. ਵੈਕਸੀਨੇਸ਼ਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਸਿਹਤ ਕਰਮਚਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ।