BREAKING- ਮਜੀਠੀਆ ਦੀ ਜਾਨ ਨੂੰ ਖ਼ਤਰੇ ਦਾ ਮਾਮਲਾ! ਹਾਈਕੋਰਟ 'ਚ ਭਲਕੇ ਹੋਵੇਗੀ ਸੁਣਵਾਈ
ਰਵੀ ਜੱਖੂ
ਚੰਡੀਗੜ੍ਹ, 12 ਜਨਵਰੀ 2026- ਇੰਟੈਲੀਜੈਂਸ ਵਿਭਾਗ ਨੇ ਨਾਭਾ ਜੇਲ੍ਹ 'ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਸੀ। ਜਿਸ ਸਬੰਧੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਗਏ ਸਨ।
ਹੁਣ ਇਸ ਮਾਮਲੇ ਵਿੱਚ ਹਾਈਕੋਰਟ ਸੁਣਵਾਈ ਕਰਨ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ 13 ਜਨਵਰੀ ਨੂੰ ਜ਼ਰੂਰੀ ਸੂਚੀ ਤੋਂ ਬਾਅਦ ਪਹਿਲਾਂ ਇਸ ਮਾਮਲੇ 'ਤੇ ਸੁਣਵਾਈ ਕੀਤੀ ਜਾਵੇਗੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਬੰਧਤ ਆਈਜੀ ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਰਿਪੋਰਟ ਲੈ ਕੇ 13 ਜਨਵਰੀ ਸਵੇਰੇ ਤੱਕ ਹਾਈ ਕੋਰਟ ਨੂੰ ਸੂਚਿਤ ਕਰੇ।
ਮਜੀਠੀਆ ਦੇ ਵਕੀਲ ਨੇ ਕਿਹਾ ਕਿ ਨਾਭਾ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਏਡੀਜੀਪੀ ਇੰਟੈਲੀਜੈਂਸ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਮਜੀਠੀਆ ਨੂੰ ਅੱਤਵਾਦੀ ਸੰਗਠਨਾਂ ਤੋਂ ਖ਼ਤਰਾ ਹੈ।
ਪਿਛਲੇ ਹਫ਼ਤੇ ਏਡੀਜੀਪੀ ਇੰਟੈਲੀਜੈਂਸ ਦਾ ਇੱਕ ਪੱਤਰ ਸਾਹਮਣੇ ਆਇਆ ਸੀ, ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।