ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ; ਕਿਹਾ- 'ਕੋਈ ਕੁਤਾਈ ਹੋਈ ਤਾਂ ADGP ਜੇਲ੍ਹਾਂ ਹੋਣਗੇ ਜ਼ਿੰਮੇਵਾਰ'
ਚੰਡੀਗੜ੍ਹ 13 ਜਨਵਰੀ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਜੇਲ੍ਹ ਦੇ ਅੰਦਰ ਮਜੀਠੀਆ ਦੀ ਸੁਰੱਖਿਆ ਵਿੱਚ ਕੋਈ ਵੀ ਕੋਤਾਹੀ ਹੁੰਦੀ ਹੈ, ਤਾਂ ਇਸ ਲਈ ADGP (ਜੇਲ੍ਹਾਂ) ਅਤੇ ਜੇਲ੍ਹ ਸੁਪਰਡੈਂਟ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਹਾਈਕੋਰਟ ਨੇ ਅੱਜ ਦੀ ਸੁਣਵਾਈ ਦੌਰਾਨ ਏਡੀਜੀਪੀ ਜੇਲ੍ਹਾਂ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਦੀ ਜਵਾਬਦੇਹੀ ਤੈਅ ਕਰ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਮਜੀਠੀਆ ਦੀ ਜਾਨ ਦੀ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇੰਟੈਲੀਜੈਂਸ ਵਿੰਗ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਜੇਲ੍ਹ ਅੰਦਰ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ। ਇਸ ਰਿਪੋਰਟ ਤੋਂ ਬਾਅਦ ਹੀ ਸੁਰੱਖਿਆ ਵਧਾਉਣ ਦੀ ਮੰਗ ਉੱਠੀ ਸੀ। ਹਾਈਕੋਰਟ ਨੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ, ਜਿਸ ਨਾਲ ਹੁਣ ਜੇਲ੍ਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ।