ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
*ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼*
*ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ*
*ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼*
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਜਨਵਰੀ ,2026
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਮੀਟਿੰਗ ਵਿਚ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ, ਸਕੀਮਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਭੂਮੀ ਅਧਿਗ੍ਰਹਿਣ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ਼ ਮੈਪਿੰਗ, ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਜਮ੍ਹਾਂਬੰਦੀ, ਡਿਜੀਟਲ ਕਰਾਪ ਸਰਵੇ ਅਤੇ ਈਜੀ ਜਮ੍ਹਾਂਬੰਦੀ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਈਜੀ ਰਜਿਸਟ੍ਰੇਸ਼ਨ ਦੌਰਾਨ ਸਮੇਂ ਸਿਰ ਬਿਨ੍ਹਾਂ ਦੇਰੀ ਦੇ ਰਜਿਸਟਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀ ਰਜਿਸਟਰੀ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸੀਮਾ ਦੌਰਾਨ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਿਥੇ ਟੀਚਿਆ ਨੂੰ ਪ੍ਰਾਪਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਆਮ ਲੋਕਾਂ ਲਈ ਆਸਾਨ ਅਤੇ ਪਾਰਦਰਸ਼ੀ ਢੰਗ ਨਾਲ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਈਜੀ ਰਜਿਸਟਰੀ ਅਤੇ ਈਜੀ ਜਮ੍ਹਾਂਬੰਦੀ ਵਰਗੀਆਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਜਨਤਾ ਤੱਕ ਪਹੁੰਚੇ। ਇਸ ਲਈ ਸਾਰੇ ਅਧਿਕਾਰੀ ਆਪਣੇ-ਆਪਣੇ ਪੱਧਰ 'ਤੇ ਜ਼ਿੰਮੇਵਾਰੀ ਨਾਲ ਕੰਮ ਕਰਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ, ਸਿੱਖਿਆ ਵਿਭਾਗ, ਪ੍ਰਧਾਨ ਮੰਤਰੀ ਰੋਜ਼ਗਾਰ ਉੱਤਪਤੀ ਪ੍ਰੋਗਰਾਮ ਸਬੰਧੀ ਅਤੇ ਭਲਾਈ ਸਕੀਮਾਂ ਦੀ ਮੀਟਿੰਗ ਕਰਕੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਐਸ.ਡੀ.ਐਮ. ਬਲਾਚੌਰ ਕ੍ਰਿਤਿਕਾ ਗੋਇਲ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਪੀ.ਏ.ਟੂ ਡੀ.ਸੀ ਜਸਬੀਰ ਸਿੰਘ ਅਤੇ ਹੋਰ ਮਾਲ ਅਧਿਕਾਰੀ ਵੀ ਮੌਜੂਦ ਸਨ।