ਡਰਗ ਨੈੱਟਵਰਕ ਨੂੰ ਤੋੜਨ ਤੋਂ ਬਾਅਦ ਆਪ ਨੇ ਗੈਂਗਸਟਰਾਂ ਵਿਰੁੱਧ ਪੰਜਾਬ ਦੀ ਸਭ ਤੋਂ ਵੱਡੀ "ਜੰਗ" 'ਗੈਂਗਸਟਰਾਂ 'ਤੇ ਵਾਰ' ਦਾ ਕੀਤਾ ਆਗਾਜ਼: ਨੀਲ ਗਰਗ*
*ਗੈਂਗਸਟਰਵਾਦ ਵਿਰੁੱਧ ਜ਼ੀਰੋ ਟਾਲਰੈਂਸ: 2,000 ਪੁਲਿਸ ਟੀਮਾਂ, 12,000 ਮੁਲਾਜ਼ਮ ਅਤੇ ਹੈਲਪਲਾਈਨ ਨੰਬਰ 93946-93946 ਜਾਰੀ*
*ਹਥਿਆਰ ਛੱਡੋ, ਪੰਜਾਬ ਛੱਡੋ ਜਾਂ ਜੇਲ੍ਹ ਜਾਣ ਲਈ ਤਿਆਰ ਰਹੋ, ਗੈਂਗਸਟਰਾਂ 'ਤੇ ਕੋਈ ਰਹਿਮ ਨਹੀਂ ਹੋਵੇਗਾ: ਗਰਗ*
*ਆਪ ਪਿਛਲੀਆਂ ਸਰਕਾਰਾਂ ਵੱਲੋਂ ਲਗਾਈ ਬਿਮਾਰੀ ਦਾ ਇਲਾਜ ਕਰ ਰਹੀ ਹੈ, ਇਹ ਸਿਆਸਤ ਨਹੀਂ ਪੰਜਾਬ ਦੇ ਭਵਿੱਖ ਦੀ ਲੜਾਈ ਹੈ: ਨੀਲ ਗਰਗ*
ਚੰਡੀਗੜ੍ਹ, 20 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸਰਕਾਰ ਦੀ "ਯੁੱਧ ਨਾਸ਼ੀਆਂ ਵਿਰੁੱਧ" ਮੁਹਿੰਮ ਦੀ ਵੱਡੀ ਸਫਲਤਾ ਤੋਂ ਬਾਅਦ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ੁਰੂਆਤ ਦੀ ਸ਼ਲਾਘਾ ਕੀਤੀ, ਇਸਨੂੰ ਇੱਕ ਪੂਰੇ ਪੱਧਰ 'ਤੇ "ਗੈਂਗਸਟਰਾਂ ਵਿਰੁੱਧ ਜੰਗ" ਦੱਸਿਆ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ 'ਆਪ' ਆਗੂ ਬੁੱਟਾ ਸਿੰਘ ਬੈਰਾਗੀ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਦੱਸਿਆ ਕਿ 325 ਦਿਨ ਪਹਿਲਾਂ 1 ਮਾਰਚ 2025 ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਸੀ। 325 ਦਿਨਾਂ ਵਿੱਚ ਲਗਭਗ 32 ਹਜ਼ਾਰ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਅੱਜ ਪੰਜਾਬ ਵਿੱਚ ਸਜ਼ਾ ਦੀ ਦਰ ਦੇਸ਼ ਵਿੱਚ ਸਭ ਤੋਂ ਵੱਧ ਲਗਭਗ 86% ਹੈ।
ਗਰਗ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਸਫਲਤਾ ਦਾ ਸਿਹਰਾ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੇ ਇੱਕ ਗੱਲ ਬਹੁਤ ਸਪੱਸ਼ਟ ਕਰ ਦਿੱਤੀ ਹੈ ਕਿ ਜੇਕਰ ਸਰਕਾਰ ਇਮਾਨਦਾਰ ਹੋਵੇ ਅਤੇ ਉਸ ਦੀ ਨੀਅਤ ਸਾਫ਼ ਹੋਵੇ, ਤਾਂ ਲੋਕ ਉਸ ਦੇ ਨਾਲ ਖੜ੍ਹਦੇ ਹਨ ਅਤੇ ਸਫਲਤਾ ਯਕੀਨੀ ਹੁੰਦੀ ਹੈ।
ਅਗਲੀ ਵੱਡੀ ਚੁਣੌਤੀ ਬਾਰੇ ਗੱਲ ਕਰਦਿਆਂ ਗਰਗ ਨੇ ਕਿਹਾ ਕਿ ਗੈਂਗਸਟਰਵਾਦ ਕੋਈ ਨਵੀਂ ਬਿਮਾਰੀ ਨਹੀਂ ਹੈ, ਸਗੋਂ ਇਹ ਪਿਛਲੀਆਂ ਸਰਕਾਰਾਂ ਵੇਲੇ ਵਧੀ-ਫੁੱਲੀ ਹੈ। ਉਨ੍ਹਾਂ ਕਿਹਾ ਕਿ ਉਹੀ ਸਰਕਾਰਾਂ ਜਿਨ੍ਹਾਂ ਨੇ ਗੈਂਗਸਟਰਾਂ ਨੂੰ ਸੁਰੱਖਿਆ, ਸ਼ਕਤੀ ਅਤੇ ਟਿਕਟਾਂ ਦਿੱਤੀਆਂ, ਉਹ ਇਸ ਖਤਰੇ ਨੂੰ ਫੈਲਾਉਣ ਲਈ ਜ਼ਿੰਮੇਵਾਰ ਹਨ।
ਨੀਲ ਗਰਗ ਨੇ ਐਲਾਨ ਕੀਤਾ ਕਿ ਮਾਨ ਸਰਕਾਰ ਨੇ ਹੁਣ ਗੈਂਗਸਟਰਾਂ ਵਿਰੁੱਧ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ 12,000 ਤੋਂ ਵੱਧ ਮੁਲਾਜ਼ਮਾਂ ਵਾਲੀਆਂ 2,000 ਪੁਲਿਸ ਟੀਮਾਂ ਪੂਰੇ ਪੰਜਾਬ ਵਿੱਚ ਲਗਾਤਾਰ ਤਲਾਸ਼ੀ ਅਤੇ ਪਿੱਛਾ ਕਰਨ ਦੀਆਂ ਮੁਹਿੰਮਾਂ ਚਲਾ ਰਹੀਆਂ ਹਨ। ਇਹ ਸਾਡੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦਾ ਹੈ।
ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਸਿਆਸੀ ਲੜਾਈ ਨਹੀਂ ਹੈ। ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਜਿਸ ਤਰ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਨੇ ਪੰਜਾਬ ਨੂੰ ਨਵੀਂ ਉਮੀਦ ਦਿੱਤੀ ਹੈ, ਉਸੇ ਤਰ੍ਹਾਂ 'ਯੁੱਧ ਗੈਂਗਸਟਰਾਂ ਵਿਰੁੱਧ' ਲੋਕਾਂ ਵਿੱਚ ਸੁਰੱਖਿਆ ਦੀ ਨਵੀਂ ਭਾਵਨਾ ਪੈਦਾ ਕਰੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਗੈਂਗਸਟਰਾਂ ਲਈ ਕੋਈ ਰਹਿਮ ਜਾਂ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਦੌਰ ਖਤਮ ਹੋ ਗਿਆ ਹੈ ਜਦੋਂ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਜਾਂਦੀ ਸੀ। ਅੱਜ ਸੁਨੇਹਾ ਸਾਫ਼ ਹੈ: ਹਥਿਆਰ ਸੁੱਟ ਦਿਓ, ਪੰਜਾਬ ਛੱਡ ਦਿਓ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ।
ਗਰਗ ਨੇ ਖੁਲਾਸਾ ਕੀਤਾ ਕਿ ਵਿਦੇਸ਼ਾਂ ਤੋਂ ਸਰਗਰਮ ਕਰੀਬ 60 ਗੈਂਗਸਟਰਾਂ ਦੀ ਨਿਸ਼ਾਨਦੇਹੀ ਕਰ ਲਈ ਗਈ ਹੈ, ਉਨ੍ਹਾਂ ਦੇ ਸਥਾਨਕ ਨੈੱਟਵਰਕਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹੇ ਕੋਈ ਗੈਂਗਸਟਰ ਪੰਜਾਬ ਵਿੱਚ ਹੋਵੇ, ਭਾਰਤ ਵਿੱਚ ਕਿਤੇ ਵੀ ਹੋਵੇ ਜਾਂ ਵਿਦੇਸ਼ ਵਿੱਚ ਬੈਠਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਫੰਡ ਦੇਣ ਵਾਲੇ ਜਾਂ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਦਾ ਵੀ ਇਹੀ ਹਸ਼ਰ ਹੋਵੇਗਾ।
ਇਸ ਦੇ ਨਾਲ ਹੀ ਗਰਗ ਨੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਇਸ ਰਾਹ ਨੂੰ ਛੱਡ ਕੇ ਸਮਾਜ ਵਿੱਚ ਵਾਪਸ ਆਉਣਾ ਚਾਹੁੰਦਾ ਹੈ, ਤਾਂ ਉਨ੍ਹਾਂ ਦਾ ਸਵਾਗਤ ਹੈ।
ਜਨਤਕ ਸਹਿਯੋਗ ਦੀ ਮੰਗ ਕਰਦਿਆਂ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਰਪਿਤ ਹੈਲਪਲਾਈਨ 93946-93946 'ਤੇ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਸਿੱਧੀ ਐਂਟੀ-ਗੈਂਗਸਟਰ ਟਾਸਕ ਫੋਰਸ ਕੋਲ ਜਾਵੇਗੀ, ਇਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਪੜਤਾਲ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਗਰਗ ਨੇ ਕਿਹਾ ਕਿ ਜਿਹੜੇ ਲੋਕ ਰੋਜ਼ਾਨਾ ਅਮਨ-ਕਾਨੂੰਨ ਦੀ ਦੁਹਾਈ ਦਿੰਦੇ ਹਨ, ਉਹ ਪਹਿਲਾਂ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਹਾਲਾਤ ਦੇਖਣ। ਅੜਿੱਕੇ ਪੈਦਾ ਕਰਨ ਦੀ ਬਜਾਏ, ਉਨ੍ਹਾਂ ਨੂੰ ਪੰਜਾਬ ਦੇ ਮਾਡਲ ਤੋਂ ਸਿੱਖਣਾ ਚਾਹੀਦਾ ਹੈ ਅਤੇ ਇਸ ਲੜਾਈ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।