ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ: ਠੀਕਰੀਵਾਲਾ ਬੇਅਦਬੀ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ; ਸਨਮਾਨ ਨਾ ਮਿਲਣ ਕਾਰਨ ਰਚੀ ਸੀ ਸਾਜ਼ਿਸ਼
ਕਮਲਜੀਤ ਸਿੱਧੂ
ਬਰਨਾਲਾ, 23 ਜਨਵਰੀ 2026- ਬਰਨਾਲਾ ਪੁਲਿਸ ਨੇ ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਤੀਜੇ ਅਤੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਹੈਰਾਨੀਜਨਕ ਗੱਲ ਇਹ ਹੈ ਕਿ ਇਸ ਘਟਨਾ ਨੂੰ ਸਿਰਫ਼ ਨਿੱਜੀ ਰੰਜਿਸ਼ ਅਤੇ ਬਦਲੇ ਦੀ ਭਾਵਨਾ ਤਹਿਤ ਅੰਜਾਮ ਦਿੱਤਾ ਗਿਆ ਸੀ।
ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਖ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦੀ ਕੋਆਪ੍ਰੇਟਿਵ ਸੁਸਾਇਟੀ ਦਾ ਮੈਂਬਰ ਹੈ। ਕੁਲਦੀਪ ਸਿੰਘ ਇਸ ਗੱਲੋਂ ਖ਼ਫ਼ਾ ਸੀ ਕਿ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਸੀ, ਪਰ ਉਸ ਨੂੰ ਅਣਗੌਲਿਆ ਕਰ ਦਿੱਤਾ ਗਿਆ। ਕਮੇਟੀ ਅਤੇ ਪ੍ਰਧਾਨ ਨੂੰ ਬਦਨਾਮ ਕਰਨ ਲਈ ਉਸ ਨੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਇਸ ਘਿਨਾਣੀ ਸਾਜ਼ਿਸ਼ ਨੂੰ ਅੰਜਾਮ ਦਿੱਤਾ।
ਇਸ ਘਟਨਾ ਵਿੱਚ ਚਾਚਾ, ਭਤੀਜਾ ਅਤੇ ਇੱਕ ਰਿਸ਼ਤੇਦਾਰ ਸ਼ਾਮਲ ਸਨ। ਕੁਲਦੀਪ ਸਿੰਘ ਨੇ ਆਪਣੇ ਭਤੀਜੇ ਜਗਵੀਰ ਸਿੰਘ ਨੂੰ ਇਸ ਕੰਮ ਲਈ ਤਿਆਰ ਕੀਤਾ, ਜੋ ਬੋਲ ਅਤੇ ਸੁਣ ਨਹੀਂ ਸਕਦਾ। ਇਸ ਤੋਂ ਇਲਾਵਾ ਸੰਗਰੂਰ ਦੇ ਪਿੰਡ ਸੁਲਤਾਨਪੁਰ ਦਾ ਰਣਦੀਪ ਸਿੰਘ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਸੀ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 299, 3(5) BNS ਤਹਿਤ ਮਾਮਲਾ ਦਰਜ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਕੁਲਦੀਪ ਸਿੰਘ ਦੀਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛਿੜ ਗਈ ਹੈ।
ਪਿੰਡ ਵਾਸੀਆਂ ਦਾ ਰੋਸ
ਗੁਟਕਾ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਸੁੱਟੇ ਜਾਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਟੇਕ ਸਿੰਘ ਧਨੌਲਾ ਵੱਲੋਂ ਪੁਲਿਸ ਨੂੰ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਅਤੇ ਤਕਨੀਕੀ ਮਦਦ ਨਾਲ ਇਸ ਕੇਸ ਨੂੰ ਸੁਲਝਾਇਆ ਹੈ।