ਮੇਅਰ ਪਦਮਜੀਤ ਮਹਿਤਾ ਵੱਲੋਂ ਜੱਸੀ ਚੌਂਕ ਵਿਖੇ ਸੀਵਰੇਜ਼ ਤੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 6 ਫਰਵਰੀ 2026 : ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਬਲਰਾਜ ਸਿੰਘ ਪੱਕਾ ਦੇ ਵਾਰਡ ਨੰਬਰ 16 ਵਿੱਚ ਸਥਿਤ ਜੱਸੀ ਚੌਂਕ ਵਿਖੇ ਲਗਭਗ 16 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਤੇ ਜਲ ਸਪਲਾਈ ਪਾਈਪਲਾਈਨ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ, ਜਿਸ ਨਾਲ ਜੱਸੀ ਚੌਂਕ ਅਤੇ ਸੁਸ਼ਾਂਤ ਸਿਟੀ-2 ਦੇ ਵਸਨੀਕਾਂ ਨੂੰ ਕਾਫ਼ੀ ਰਾਹਤ ਮਿਲੀ। ਇਸ ਮੌਕੇ ਕੌਂਸਲਰ ਬਲਰਾਜ ਸਿੰਘ ਪੱਕਾ (ਐਮ.ਸੀ., ਵਾਰਡ 16) ਨਿਰਮਲ ਸਿੰਘ ਮਾਨ, ਬਲਵਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਹਰੀ ਸਿੰਘ, ਜਗਰੂਪ ਸਿੰਘ, ਦੇਵ ਸਿੰਘ, ਡਾ. ਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰ. 16 ਵਿੱਚ ਜੱਸੀ ਚੌਂਕ ਅਤੇ ਸੁਸ਼ਾਂਤ ਸਿਟੀ-2 ਦੇ ਵਸਨੀਕਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਮਿਲੇਗਾ ਅਤੇ ਲੋਕਾਂ ਨੂੰ ਸਾਫ਼ ਤੇ ਸੁਚਾਰੂ ਪਾਣੀ ਦੀ ਸਪਲਾਈ ਮਿਲੇਗੀ।
ਮੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ-ਮੁਕਤ ਸੂਬਾ, "ਰੰਗਲਾ ਪੰਜਾਬ" ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਬਠਿੰਡਾ ਨੂੰ ਦੇਸ਼ ਦੇ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੌਂਸਲਰ ਬਲਰਾਜ ਸਿੰਘ ਪੱਕਾ, ਸਰਪੰਚ ਗੁਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਮਾਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਯੋਜਨਾ ਇਲਾਕੇ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।