ਲੁਧਿਆਣਾ ਪੁਲਿਸ ਦਾ ਸਖ਼ਤ ਐਕਸ਼ਨ: ਹਥਿਆਰਾਂ ਦੇ ਪ੍ਰਦਰਸ਼ਨ ਅਤੇ ਭੜਕਾਊ ਗੀਤਾਂ 'ਤੇ 2 ਮਹੀਨਿਆਂ ਲਈ ਪੂਰਨ ਪਾਬੰਦੀ
ਜਨਤਕ ਥਾਵਾਂ, ਵਿਆਹਾਂ ਅਤੇ ਸੋਸ਼ਲ ਮੀਡੀਆ 'ਤੇ ਹਥਿਆਰ ਵਿਖਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਸੁਖਮਿੰਦਰ ਭੰਗੂ
ਲੁਧਿਆਣਾ, 11 ਫਰਵਰੀ 2026- ਲੁਧਿਆਣਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਐਡੀਸ਼ਨਲ ਕਮਿਸ਼ਨਰ ਪੁਲਿਸ, ਲੁਧਿਆਣਾ, ਰੁਪਿੰਦਰ ਸਿੰਘ, ਆਈ.ਪੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼ਹਿਰ ਵਿੱਚ ਹੇਠ ਲਿਖੀਆਂ ਗਤੀਵਿਧੀਆਂ 'ਤੇ ਤੁਰੰਤ ਪ੍ਰਭਾਵ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ।
ਜਨਤਕ ਥਾਵਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਹੋਰ ਇਕੱਠਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ 'ਤੇ ਪੂਰਨ ਰੋਕ ਹੈ। ਸੋਸ਼ਲ ਮੀਡੀਆ ਰਾਹੀਂ ਹਥਿਆਰਾਂ ਦਾ ਪ੍ਰਦਰਸ਼ਨ ਕਰਨਾ ਜਾਂ ਕਿਸੇ ਨੂੰ ਧਮਕਾਉਣਾ ਗੈਰ-ਕਾਨੂੰਨੀ ਹੋਵੇਗਾ। ਹਥਿਆਰਾਂ ਜਾਂ ਹਿੰਸਾ ਨੂੰ ਵਡਿਆਉਣ ਵਾਲੇ ਗੀਤਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਵਾਲੇ ਭਾਸ਼ਣਾਂ 'ਤੇ ਰੋਕ ਲਗਾਈ ਗਈ ਹੈ।
ਪੁਲਿਸ ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11-2-2026 ਤੋਂ ਲੈ ਕੇ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ।
Click to Follow Babushahi Facebook page →