ਪੱਛਮੀ ਏਸ਼ੀਆ 'ਚ ਵਧਦੇ ਤਣਾਅ ਦਰਮਿਆਨ PM Modi ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਸ਼ਾਂਤੀ ਅਤੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ 'ਤੇ ਜ਼ੋਰ
ਨਵੀਂ ਦਿੱਲੀ: 13 ਮਾਰਚ, 2026
ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅਪੂਰਨ ਹਾਲਾਤਾਂ ਅਤੇ ਅਮਰੀਕਾ, ਈਰਾਨ ਤੇ ਇਜ਼ਰਾਈਲ ਦਰਮਿਆਨ ਵਧਦੇ ਟਕਰਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਜਾਨ-ਮਾਲ ਦੇ ਹੋ ਰਹੇ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟਾਈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'X' 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਈਰਾਨੀ ਰਾਸ਼ਟਰਪਤੀ ਨਾਲ ਖੇਤਰ ਦੀ ਗੰਭੀਰ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤ ਲਈ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ, ਅਤੇ ਨਾਲ ਹੀ ਊਰਜਾ ਤੇ ਵਪਾਰਕ ਸਾਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਭਾਰਤ ਨੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਰੀਆਂ ਧਿਰਾਂ ਨੂੰ ਹਿੰਸਾ ਦਾ ਰਾਹ ਛੱਡ ਕੇ ਕੂਟਨੀਤੀ ਅਤੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪ੍ਰੈਸ ਬ੍ਰੀਫਿੰਗ ਵਿੱਚ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਹਾਲ ਹੀ ਦੇ ਦਿਨਾਂ ਵਿੱਚ ਆਪਣੇ ਈਰਾਨੀ ਹਮਰੁਤਬਾ ਅੱਬਾਸ ਅਰਾਘਚੀ ਨਾਲ ਤਿੰਨ ਵਾਰ ਫੋਨ 'ਤੇ ਗੱਲ ਕੀਤੀ ਹੈ, ਜਿਸ ਵਿੱਚ ਮੁੱਖ ਤੌਰ 'ਤੇ ਜਹਾਜ਼ਰਾਨੀ ਦੀ ਸੁਰੱਖਿਆ ਅਤੇ ਭਾਰਤ ਦੀ ਊਰਜਾ ਸੁਰੱਖਿਆ 'ਤੇ ਚਰਚਾ ਕੀਤੀ ਗਈ ਹੈ। ਇਨ੍ਹਾਂ ਕੂਟਨੀਤਕ ਯਤਨਾਂ ਦੇ ਸਿੱਟੇ ਵਜੋਂ, ਹੋਰਮੁਜ਼ ਜਲਡਮਰੂ ਰਾਹੀਂ ਭਾਰਤੀ ਤੇਲ ਟੈਂਕਰਾਂ ਦੀ ਆਵਾਜਾਈ ਵਿੱਚ ਸਥਿਰਤਾ ਬਣੀ ਹੋਈ ਹੈ।
ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਈਰਾਨ ਵਿੱਚ ਮੌਜੂਦ ਲਗਭਗ 9,000 ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਸਰਕਾਰ ਸਰਗਰਮ ਹੈ। ਤਹਿਰਾਨ ਵਿੱਚ ਭਾਰਤੀ ਦੂਤਾਵਾਸ ਉਨ੍ਹਾਂ ਨਾਗਰਿਕਾਂ, ਵਿਦਿਆਰਥੀਆਂ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਹੈ ਜੋ ਵਾਪਸ ਪਰਤਣਾ ਚਾਹੁੰਦੇ ਹਨ। ਨਾਗਰਿਕਾਂ ਨੂੰ ਜ਼ਮੀਨੀ ਸਰਹੱਦਾਂ ਰਾਹੀਂ ਅਰਮੇਨੀਆ ਅਤੇ ਅਜ਼ਰਬਾਈਜਾਨ ਪਹੁੰਚਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ, ਜਿੱਥੋਂ ਉਹ ਵਪਾਰਕ ਉਡਾਣਾਂ ਰਾਹੀਂ ਭਾਰਤ ਵਾਪਸ ਆ ਸਕਦੇ ਹਨ। ਭਾਰਤ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੀਆਂ ਗਈਆਂ ਐਡਵਾਈਜ਼ਰੀਆਂ ਦੇ ਮੱਦੇਨਜ਼ਰ ਕਈ ਵਿਦਿਆਰਥੀ ਅਤੇ ਨਾਗਰਿਕ ਸੁਰੱਖਿਅਤ ਘਰ ਪਹੁੰਚ ਚੁੱਕੇ ਹਨ।
Click to Follow Babushahi Facebook page →