ਪੰਜਾਬ ਟਰੇਡ ਵਿੰਗ ਦੇ ਵਾਈਸ ਚੇਅਰਮੈਨ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ
ਅਸ਼ੋਕ ਵਰਮਾ
ਸੰਗਤ ਮੰਡੀ (ਬਠਿੰਡਾ), 13 ਮਾਰਚ 2026 : ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੰਗਤ ਮੰਡੀ ਵਿਖੇ ਪੰਜਾਬ ਟਰੇਡ ਵਿੰਗ ਦੇ ਪੰਜਾਬ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਅਤੇ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕੰਮ ਕਰ ਰਹੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣੀਆਂ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਬਲਕਰਨ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਮੰਡੀ ਨਾਲ ਸੰਬੰਧਿਤ ਕਈ ਸਮੱਸਿਆਵਾਂ ਅਤੇ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਟਰੇਡ ਵਿੰਗ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਅਤੇ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਵੀ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਫਸਲ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਮੰਡੀ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਮੌਜੂਦ ਰਹਿ ਕੇ ਵਪਾਰੀਆਂ ਦੇ ਮੁੱਦੇ ਸੁਣੇ ਅਤੇ ਮੰਡੀ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਸਹਾਇਕ ਖੁਰਾਕ ਸਪਲਾਈ ਅਫਸਰ ਸੰਗਤ ਗੁਰਤੇਜ ਰਮਨ, ਐਸ.ਐਚ.ਓ. ਸੰਗਤ ਦਲਜੀਤ ਸਿੰਘ, ਬੀ.ਡੀ.ਪੀ.ਓ. ਸੰਗਤ ਕੇਵਲ ਕੁਮਾਰ, ਈ.ਓ. ਮਾਰਕੀਟ ਕਮੇਟੀ ਮਨਚੰਦਨ ਸਿੱਧੂ, ਈ.ਓ. ਨਗਰ ਕਮੇਟੀ ਹਰਜੀਤ ਸਿੰਘ ਅਤੇ ਸਟੇਟ ਟੈਕਸ ਅਫਸਰ ਅਨਿਲ ਸੇਤੀਆ ਸਮੇਤ ਹੋਰ ਅਧਿਕਾਰੀ ਅਤੇ ਵਪਾਰੀ ਆਦਿ ਹਾਜ਼ਰ ਸਨ।
Click to Follow Babushahi Facebook page →