ਕੌਮੀ ਲੋਕ ਅਦਾਲਤ ਦੌਰਾਨ ਦੋਵਾਂ ਧਿਰਾਂ ਦੀ ਸਹਿਮਤੀ ਨਾਲ 23421 ਕੇਸਾਂ ਦਾ ਕਰਵਾਇਆ ਨਿਪਟਾਰਾ
ਅਸ਼ੋਕ ਵਰਮਾ
ਬਠਿੰਡਾ, 14 ਮਾਰਚ 2026: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ, ਦੀਆਂ ਹਦਾਇਤਾਂ ਮੁਤਾਬਕ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 21 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 25801 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 23421 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 65,52,34,925/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।
ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
Click to Follow Babushahi Facebook page →