ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ 24 ਮਾਰਚ ਦਾ ਕਿਸਾਨ ਮੇਲਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ
ਅਸ਼ੋਕ ਵਰਮਾ
ਬਠਿੰਡਾ, 18 ਮਾਰਚ 2026 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ, ਬਠਿੰਡਾ ਵੱਲੋਂ 24 ਮਾਰਚ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ ਜਿਸ ਦੀ ਟੀਮ ਇਸ ਵਾਰ ਖੇਤੀ ਵਿਭਿੰਨਤਾ ਅਪਣਾਓ ਵਾਤਾਵਰਨ ਬਚਾਓ ਰੱਖੀ ਗਈ ਹੈ। ਮੇਲੇ ਵਿੱਚ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।ਇਹ ਮੇਲਾ ਖੇਤੀਬਾੜੀ ਨਾਲ ਜੁੜੇ ਨਵੇਂ ਤਜਰਬਿਆਂ ਅਤੇ ਤਕਨੀਕੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੇਲੇ ਦੀਆਂ ਸਾਰੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਵਿਸ਼ਾ “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ” ਰੱਖਿਆ ਗਿਆ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਨੀਰੀ ਅਤੇ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਨਵੀਨ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਵੱਲ ਪ੍ਰੇਰਿਤ ਹੋਣਗੇ।ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਸੰਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਵੇਂ ਰਸਤੇ ਜਾਣ ਸਕਣਗੇ।ਇਸ ਤੋਂ ਇਲਾਵਾ ਮੇਲੇ ਵਿੱਚ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਨੁਮਾਇਸ਼, ਖੇਤੀ ਸਾਹਿਤ ਦੀ ਵੰਡ ਅਤੇ ਸੁਆਣੀਆਂ ਲਈ ਘਰੇਲੂ ਉਦਯੋਗਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ ਵੀ ਕਰਵਾਏ ਜਾਣਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੇਲੇ ਦਾ ਪੂਰਾ ਲਾਭ ਲਿਆ ਜਾ ਸਕੇ।
Click to Follow Babushahi Facebook page →