ਆਟੋ ਵਰਕਰਾਂ ਵਲੋਂ 22 ਮਾਰਚ ਦੀ ਲੁਧਿਆਣਾ ਰੈਲੀ 'ਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਐਲਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 18 ਮਾਰਚ 2026
ਇੰਡੀਅਨ ਫੇਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਹੋਰ ਜਥੇਬਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ 22 ਮਾਰਚ ਨੂੰ ਦਾਣਾ ਮੰਡੀ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਵਿੱਚ ਸ਼ਾਮਲ ਹੋਣ ਲਈ ਨਿਊ ਆਟੋ ਵਰਕਰ ਯੂਨੀਅਨ (ਇਫਟੂ) ਵਲੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸਦੀ ਤਿਆਰੀ ਲਈ ਇੱਥੇ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕਲੇਰ ਅਤੇ ਤਰਨਜੀਤ ਨੇ ਕਿਹਾ ਕਿ
ਇਹ ਰੈਲੀ ਅਤੇ ਮੁਜ਼ਾਹਰਾ ਚਾਰ ਲੇਬਰ ਕੋਡ ਰੱਦ ਕਰਵਾਉਣ, ਮਗਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ,ਬਿਜਲੀ ਸੋਧ ਬਿੱਲ 2025 ਵਾਪਿਸ ਕਰਵਾਉਣ ਮਿੱਡ ਡੇਅ ਮੀਲ, ਆਸ਼ਾ ਵਰਕਰਾਂ ਸਮੇਤ ਕੱਚੇ ਕਾਮਿਆਂ ਨੂੰ ਪੱਕੇ ਕਰਨ,ਹਰ ਮਜ਼ਦੂਰ ਨੂੰ ਪੱਕਾ ਰੁਜ਼ਗਾਰ ਅਤੇ ਘੱਟੋ ਘੱਟ ਉਜਰਤ ਪ੍ਰਤੀ ਮਹੀਨਾ 26000 ਰੂਪਏ ਕਰਨ ਆਦਿ ਦੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ।
ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ 'ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਕੇਂਦਰ ਸਰਕਾਰ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਲਈ ਮਗਨਰੇਗਾ ਕਾਨੂੰਨ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਉੱਪਰ ਅਮਲ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੇਬਰ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਮਜ਼ਦੂਰ ਮੁਲਾਜ਼ਮ ਆਗੂਆਂ ਨੇ ਆਪਣੇ ਜਮਹੂਰੀ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਮਜ਼ਦੂਰ ਵਿਰੋਧੀ ਇਹਨਾਂ ਲੇਬਰ ਕੋਡਾ ਨੂੰ ਰੱਦ ਕਰਵਾਉਣ ਲਈ ਇਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਆਟੋ ਵਰਕਰਾਂ ਨੇ ਲੁਧਿਅਣਾ ਰੈਲੀ ਵਿੱਚ ਹੁੰਮ ਹੁਮਾ ਕੇ ਪਹੁੰਚਣ ਦਾ ਭਰੋਸਾ ਦਿੱਤਾ।
Click to Follow Babushahi Facebook page →