ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਮੁਕਤਸਰ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ ਅਤੇ ਨਾਕਾਬੰਦੀ
ਸ੍ਰੀ ਮੁਕਤਸਰ ਸਾਹਿਬ,19 ਮਾਰਚ 2026 : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਸ੍ਰੀ ਸੰਜੀਵ ਕੁਮਾਰ ਰਾਮਪਾਲ, ਡੀ.ਆਈ.ਜੀ ਏ.ਐਨ.ਟੀ.ਐਫ ਐਂਡ ਕਮਾਂਡੋ ਦੀ ਨਿਗਰਾਨੀ ਅਤੇ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ), ਸ਼੍ਰੀਮਤੀ ਹਰਕਮਲ ਕੌਰ ਐਸ.ਪੀ (ਐਚ) ਅਤੇ ਸਮੂਹ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸਰਚ ਅਭਿਆਨ ਚਲਾਇਆ ਗਿਆ।
ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਹਨਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ‘ਤੇ ਰੇਡਾਂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਨਾਕਾਬੰਦੀ ਅਤੇ ਪੈਦਲ ਗਸ਼ਤਾਂ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੀਨਿਅਸ ਕਰਾਈਮ ਵਿੱਚ ਸ਼ਾਮਲ ਅਤੇ ਵਾਰ-ਵਾਰ ਜੁਰਮ ਕਰਨ ਵਾਲੇ ਵਿਅਕਤੀਆਂ ‘ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ।ਚੈਕਿੰਗ ਦੌਰਾਨ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਣ ‘ਤੇ ਜਾਂ ਕੋਈ ਇਤਰਾਜ਼ਯੋਗ ਵਸਤੂ ਮਿਲਣ ‘ਤੇ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਇਸ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਫੁੱਟ ਪੈਟਰੋਲਿੰਗ ਵਧਾਈ ਗਈ ਹੈ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ PAIS ਐਪ ਅਤੇ ਵਹੀਕਲ ਐਪ ਦੇ ਜ਼ਰੀਏ ਵਿਅਕਤੀਆਂ ਅਤੇ ਵਾਹਨਾਂ ਦੀ ਤਸਦੀਕ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਪਰਾਧਿਕ ਤੱਤ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ।
ਇਸ ਮੁਹਿੰਮ ਤਹਿਤ ਅੱਜ ਮਿਤੀ 19.03.2026 ਤੱਕ 15 ਮੁਕੱਦਮੇ ਦਰਜ ਕਰਕੇ 21 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 47 ਗ੍ਰਾਮ ਹੈਰੋਇਨ, 205 ਨਸ਼ੀਲੀਆਂ ਗੋਲੀਆਂ, 50 ਪਰੇਗਾ ਕੈਪਸੂਲ ਬਰਾਮਦ ਕੀਤੇ ਗਏ ਹਨ।
ਡੀ.ਆਈ.ਜੀ ਨੇ ਕਿਹਾ ਕਿ ਇਹ ਮੁਹਿੰਮ ਅਪਰਾਧਿਕ ਤੱਤਾਂ ਖ਼ਿਲਾਫ਼ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਾਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ।ਜ਼ਿਲ੍ਹਾ ਪੁਲਿਸ ਵੱਲੋਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਬਿਨਾ ਪੁਸ਼ਟੀ ਕੀਤੀਆਂ ਖ਼ਬਰਾਂ ਸਾਂਝੀਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਸਮਾਜ ਵਿੱਚ ਕਿਸੇ ਤਰ੍ਹਾਂ ਦੀ ਗਲਤਫਹਿਮੀ ਨਾ ਫੈਲੇ।
ਜਨਤਾ ਲਈ ਅਪੀਲ
ਪੰਜਾਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਡਰੱਗ ਪੈਡਲਰ ਜਾਂ ਸਮੱਗਲਰ ਬਾਰੇ ਜਾਣਕਾਰੀ ਹੋਵੇ ਤਾਂ ਹੈਲਪਲਾਈਨਾਂ ‘ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਪੰਜਾਬ ਸਰਕਾਰ ਦੀ ਐਂਟੀ ਡਰੱਗ ਪਾਲਿਸੀ ਤਹਿਤ ਜਾਣਕਾਰੀ ਦੇਣ ‘ਤੇ ਹੋਈ ਰਿਕਵਰੀ ਦੇ ਅਧਾਰ ‘ਤੇ ਇਨਾਮ ਦਿੱਤਾ ਜਾ ਰਿਹਾ ਹੈ ਅਤੇ ਹੁਣ ਤੱਕ ਲਗਭਗ 2 ਕਰੋੜ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ।
ਸੇਫ ਪੰਜਾਬ : 9779100200
ਐਂਟੀ ਗੈਂਗਸਟਰ ਹੈਲਪਲਾਈਨ ਨੰਬਰ : 9394693946
ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
Click to Follow Babushahi Facebook page →