ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਾਨੂੰਨ ਬਣਾਉਣ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 20 ਮਾਰਚ 2026: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਣ ਸਨਮਾਨ ਨੂੰ ਢਾਹ ਲਾ ਰਹੀਆਂ ਹਨ। ਉਹਨਾਂ ਦੋਸ਼ ਲਗਾਇਆ ਕਿ ਸਰਕਾਰਾਂ ਆਪਣੀ ਜੁੰਮੇਵਾਰੀ ਤੋਂ ਮੂੰਹ ਮੋੜ ਰਹੀਆਂ ਹਨ ਅਤੇ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਿੱਚ ਨਾਕਾਮ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ 'ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਛੇੜਛਾੜ, ਪੱਤਰੇ (ਅੰਗ) ਪਾੜਨ, ਸਾੜਨ ਅਤੇ ਘੋਰ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਗੁਰਦੁਆਰਾ ਸਾਹਿਬਾਨ ਅੰਦਰ ਹੀ ਵਾਪਰ ਰਹੀਆਂ ਹਨ। ਘਟਨਾ ਸਥਾਨ ਤੋਂ ਫੜੇ ਜਾਣ ਵਾਲਿਆਂ ਨੂੰ ਨੀਮ ਪਾਗਲ ਕਹਿ ਕੇ ਬਚਾਉਣ ਦਾ ਨਿੰਦਣਯੋਗ ਯਤਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਉੱਪਰ ਬਣਦੀ ਜੋ ਕਾਨੂੰਨੀ ਕਾਰਵਾਈ ਹੋ ਰਹੀ ਹੈ, ਉਹ ਨਾਕਾਫੀ ਤੇ ਢਿੱਲੀ ਹੈ।
ਜਿਸ ਕਾਰਨ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਅਪਰਾਧੀਆਂ ਨੂੰ ਸਖਤ ਸਜ਼ਾਵਾਂ ਦੇਣ ‘ਚ ਅਸਰਦਾਰ ਸਾਬਿਤ ਨਹੀਂ ਹੋ ਰਹੀਆਂ ਹਨ, ਉਨ੍ਹਾਂ ਇਹਨਾਂ ਕਾਨੂੰਨੀ ਧਾਰਾਵਾਂ ਵਿੱਚ ਸੋਧ ਕਰਕੇ ਨਵਾਂ ਸਖਤ ਕਾਨੂੰਨ ਬਣਾ ਕੇ ਬੇਅਦਬੀਆਂ ਦੇ ਮਾਮਲੇ ਵਿੱਚ ਸਖਤ ਸਜ਼ਾਵਾਂ ਨਿਰਧਾਰਿਤ ਕੀਤੀਆਂ ਜਾਣ। ਇਹ ਸਿੱਖ ਸੰਗਤਾਂ ਦੀ ਭਾਵਨਾ ਦੀ ਤਰਜਮਾਨੀ ਵਾਲਾ ਅਮਲ ਹੈ, ਜਿਸ ਨੂੰ ਸਰਕਾਰਾਂ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਹੀ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ।
Click to Follow Babushahi Facebook page →