ਲਾਲਜੀਤ ਭੁੱਲਰ ਮਾਮਲੇ ਦੀ ਮੁੱਖ ਸਕੱਤਰ ਨਹੀਂ, ਪੁਲਿਸ ਕਰੇ ਜਾਂਚ : ਸੁਨੀਲ ਜਾਖੜ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ: 21 ਮਾਰਚ, 2026
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੰਮ੍ਰਿਤਸਰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦਰਦਨਾਕ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਤੁਰੰਤ ਅਪਰਾਧਿਕ ਮੁਕੱਦਮਾ (FIR) ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਜਾਖੜ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਮਹਿਜ਼ ਪ੍ਰਸ਼ਾਸਨਿਕ ਕੁਤਾਹੀ ਦਾ ਨਹੀਂ, ਸਗੋਂ ਇੱਕ ਗੰਭੀਰ ਅਪਰਾਧਿਕ ਮਾਮਲਾ ਹੈ, ਜਿਸ ਦੀ ਜਾਂਚ ਪੁਲਿਸ ਪ੍ਰਣਾਲੀ ਰਾਹੀਂ ਹੋਣੀ ਚਾਹੀਦੀ ਹੈ।
ਜਾਖੜ ਨੇ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਜਾਂਚ ਸੌਂਪਣ ਦੇ ਫੈਸਲੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਮ੍ਰਿਤਕ ਅਧਿਕਾਰੀ ਨੇ ਆਪਣੀ ਮੌਤ ਤੋਂ ਪਹਿਲਾਂ ਵੀਡੀਓ ਜਾਰੀ ਕਰਕੇ ਸਪੱਸ਼ਟ ਰੂਪ ਵਿੱਚ ਦੋਸ਼ ਲਗਾਏ ਹਨ, ਤਾਂ ਉਸ ਐਲਾਨ ਨੂੰ ਹੀ ਐਫਆਈਆਰ ਦਾ ਆਧਾਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਂਚ ਮੁੱਖ ਸਕੱਤਰ ਦੇ ਪੱਧਰ 'ਤੇ ਕਰਨ ਦੀ ਬਜਾਏ ਪੁਲਿਸ ਦੀ ਅਗਵਾਈ ਹੇਠ ਹੋਣੀ ਚਾਹੀਦੀ ਹੈ ਤਾਂ ਜੋ ਕਾਨੂੰਨੀ ਤੌਰ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਭਾਜਪਾ ਪ੍ਰਧਾਨ ਨੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਫਸਰਸ਼ਾਹੀ 'ਤੇ ਸਿਆਸੀ ਦਬਾਅ ਪਾ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਮੁਤਾਬਕ, ਜੇਕਰ ਸਰਕਾਰ ਸੱਚਮੁੱਚ ਇਨਸਾਫ਼ ਦੇਣਾ ਚਾਹੁੰਦੀ ਹੈ, ਤਾਂ ਇਸ ਮਾਮਲੇ ਨੂੰ ਪ੍ਰਸ਼ਾਸਨਿਕ ਫਾਈਲਾਂ ਵਿੱਚ ਦਬਾਉਣ ਦੀ ਬਜਾਏ ਪੁਲਿਸ ਨੂੰ ਸੌਂਪਿਆ ਜਾਵੇ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।
Click to Follow Babushahi Facebook page →