ਧਰਮ ਪਰਿਵਰਤਨ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਇਸਲਾਮ ਜਾਂ ਈਸਾਈ ਧਰਮ ਅਪਣਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜਾ
ਨਵੀਂ ਦਿੱਲੀ, 24 ਮਾਰਚ 2026: ਸੁਪਰੀਮ ਕੋਰਟ ਨੇ ਧਰਮ ਪਰਿਵਰਤਨ ਦੇ ਮਾਮਲੇ 'ਤੇ ਇਕ ਬਹੁਤ ਹੀ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਹਿੰਦੂ, ਸਿੱਖ ਜਾਂ ਬੁੱਧ ਧਰਮ ਨੂੰ ਛੱਡ ਕੇ ਕੋਈ ਹੋਰ ਧਰਮ ਅਪਣਾਉਂਦਾ ਹੈ, ਤਾਂ ਉਹ ਅਨੁਸੂਚਿਤ ਜਾਤੀ (SC) ਦੇ ਦਾਇਰੇ ਤੋਂ ਬਾਹਰ ਹੋ ਜਾਵੇਗਾ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਸਲਾਮ ਜਾਂ ਈਸਾਈ ਧਰਮ ਅਪਣਾਉਣ ਵਾਲੇ ਵਿਅਕਤੀਆਂ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ ਅਤੇ ਉਹ ਐਸਸੀ/ਐਸਟੀ ਐਕਟ ਦੇ ਤਹਿਤ ਮਿਲਣ ਵਾਲੇ ਲਾਭਾਂ ਜਾਂ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦੇ।
ਸਰਵਉੱਚ ਅਦਾਲਤ ਨੇ ਇਹ ਫੈਸਲਾ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਦਿਆਂ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਈਸਾਈ ਧਰਮ ਅਪਣਾ ਕੇ ਉਸ ਦਾ ਸਰਗਰਮੀ ਨਾਲ ਪ੍ਰਚਾਰ ਕਰਨ ਵਾਲਾ ਵਿਅਕਤੀ ਆਪਣੀ ਪੁਰਾਣੀ ਜਾਤੀ ਦੇ ਅਧਾਰ 'ਤੇ ਰਾਖਵੇਂਕਰਨ ਜਾਂ ਹੋਰ ਸਹੂਲਤਾਂ ਦਾ ਹੱਕਦਾਰ ਨਹੀਂ ਰਹਿ ਜਾਂਦਾ। ਇਸ ਕੇਸ ਵਿੱਚ ਅਦਾਲਤ ਨੇ ਪਾਇਆ ਕਿ ਪਟੀਸ਼ਨਕਰਤਾ ਪਿਛਲੇ ਦਸ ਸਾਲਾਂ ਤੋਂ ਈਸਾਈ ਧਰਮ ਨਾਲ ਜੁੜਿਆ ਹੋਇਆ ਸੀ ਅਤੇ ਇੱਕ ਪਾਦਰੀ ਵਜੋਂ ਚਰਚ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਜਿਹੀ ਸਥਿਤੀ ਵਿੱਚ ਉਹ ਵਿਅਕਤੀ ਸੰਵਿਧਾਨਕ ਤੌਰ 'ਤੇ ਅਨੁਸੂਚਿਤ ਜਾਤੀ ਦੀ ਸ਼੍ਰੇਣੀ ਵਿੱਚ ਸ਼ਾਮਲ ਰਹਿਣ ਦਾ ਅਧਿਕਾਰ ਗੁਆ ਲੈਂਦਾ ਹੈ।
Click to Follow Babushahi Facebook page →