ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ 1 ਅਪ੍ਰੈਲ ਨੂੰ ਸੰਘਰਸ਼ ਦਿਵਸ ਮਨਾਉਣ ਦਾ ਐਲਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਮਾਰਚ ,2026
ਇਫਟੂ ਸਮੇਤ
ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਪਹਿਲੀ ਅਪ੍ਰੈਲ ਨੂੰ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ
ਕਾਲਾ ਦਿਵਸ ਐਲਾਨਦਿਆਂ ਸੰਘਰਸ਼ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਦੀਆਂ ਟਰੇਡ ਯੂਨੀਅਨਾਂ ਦੀ ਆਨਲਾਈਨ ਹੋਈ ਮੀਟਿੰਗ ਵਿੱਚ ਕੀਤਾ ਗਿਆ।ਇਸ ਮੀਟਿੰਗ ਵਿੱਚ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀਟੀ ਯੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਏਕਟੂ ਦੇ ਸੂਬਾਈ ਆਗੂ ਰਾਜਵਿੰਦਰ ਸਿੰਘ ਰਾਣਾ, ਏਟਕ ਦੇ ਸੂਬਾ ਆਗੂ ਨਿਰਮਲ ਧਾਰੀਵਾਲ, ਸੀਟੂ ਪੰਜਾਬ ਦੇ ਆਗੂ ਨੱਥਾ ਸਿੰਘ ਸ਼ਾਮਲ ਹੋਏ।
ਉਕਤ ਆਗੂਆਂ ਨੇ ਦੱਸਿਆ ਕਿ ਇਸ ਦੀ ਤਿਆਰੀ ਵਜੋਂ 29 ਅਤੇ 30 ਮਾਰਚ ਨੂੰ ਜਿਲਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ,ਮੁਲਾਜ਼ਮ ਜਥਬੰਦੀਆਂ ,ਪੈਨਸ਼ਨਰਜ਼ ਜਥੇਬੰਦੀਆਂ, ਸਕੀਮ ਵਰਕਰ ਅਤੇ ਠੇਕਾ ਮੁਲਾਜ਼ਮ ਜਥਬੰਦੀਆਂ ਵੀ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ "ਫਿਕਸਡ ਟਰਮ ਇੰਪਲਾਇਮੈਂਟ" ਲਾਗੂ ਹੋਵੇਗਾ,ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ।
ਇਨ੍ਹਾਂ ਕੋਡਾਂ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖਤਮ ਕੀਤਾ ਜਾ ਰਿਹਾ ਹੈ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵੰਚਿਤ ਕੀਤਾ ਗਿਆ ਹੈ। ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ।
Click to Follow Babushahi Facebook page →