ਧਾਰੀਵਾਲ ਬਲਾਕ ਸੰਮਤੀ ਦੀ ਸਰਬਸੰਮਤੀ ਨਾਲ ਚੇਅਰਮੈਨ ਬਣੇ ਬੀਬੀ ਸ਼ਰਨਜੀਤ ਕੌਰ
ਰੋਹਿਤ ਗੁਪਤਾ , ਗੁਰਦਾਸਪੁਰ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਮਕਸਦ ਨਾਲ ਅੱਜ ਧਾਰੀਵਾਲ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਅਮਲ ਵਿੱਚ ਲਿਆਂਦੀ ਗਈ। ਇਸ ਮੌਕੇ ਸਰਬਸੰਮਤੀ ਨਾਲ ਬੀਬੀ ਸਰਨਜੀਤ ਕੌਰ ਨੂੰ ਬਲਾਕ ਸੰਮਤੀ ਧਾਰੀਵਾਲ ਦੀ ਨਵੀਂ ਚੇਅਰਪਰਸਨ ਚੁਣੀ ਗਈ।
ਇਸ ਨਿਯੁਕਤੀ ਨਾਲ ਇਲਾਕੇ ਦੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣ ਪ੍ਰਕਿਰਿਆ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਬੀਬੀ ਸਰਨਜੀਤ ਕੌਰ ਦੇ ਨਾਂ 'ਤੇ ਮੋਹਰ ਲਗਾਈ ਗਈ।ਆਪਣੀ ਇਸ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਬੀਬੀ ਸਰਨਜੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਧਾਰੀਵਾਲ ਬਲਾਕ ਦੇ ਪਿੰਡਾਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਪੂਰਾ ਕਰਵਾਉਣਾ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੋਵੇਗਾ।ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਿੰਡਾਂ ਦੀਆਂ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਵੱਲ ਖਾਸ ਧਿਆਨ ਦਿੱਤਾ ਜਾਵੇਗਾ ਤਾਂ ਜੋ ਧਾਰੀਵਾਲ ਬਲਾਕ ਨੂੰ ਇੱਕ ਨਮੂਨੇ ਦੇ ਬਲਾਕ ਵਜੋਂ ਵਿਕਸਿਤ ਕੀਤਾ ਜਾ ਸਕੇ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਬੀਬੀ ਸਰਨਜੀਤ ਕੌਰ ਨੂੰ ਫੁੱਲਾਂ ਦੇ ਹਾਰ ਪਾ ਕੇ ਜੀ ਆਇਆਂ ਨੂੰ ਕਿਹਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
Click to Follow Babushahi Facebook page →