ਗੁਰਦਾਸਪੁਰ: ਤੇਜ਼ ਰਫ਼ਤਾਰ ਟਰੱਕ ਨੇ 21 ਸਾਲਾ ਨੌਜਵਾਨ ਨੂੰ ਕੁਚਲਿਆ; ਹਾਲਤ ਗੰਭੀਰ, ਹਾਦਸੇ ਦੀ CCTV ਵੀਡੀਓ ਵਾਇਰਲ
ਰੋਹਿਤ ਗੁਪਤਾ
ਗੁਰਦਾਸਪੁਰ, 5 ਅਪ੍ਰੈਲ 2026- ਗੁਰਦਾਸਪੁਰ ਵਿੱਚ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰੱਕ ਵੱਲੋਂ ਇੱਕ ਨੌਜਵਾਨ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ 21 ਸਾਲਾ ਨੌਜਵਾਨ ਹਿਮਾਂਸ਼ੂ ਸੰਗੋਤਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਇੱਕ CCTV ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ, ਗੁਰਦਾਸਪੁਰ ਦਾ ਰਹਿਣ ਵਾਲਾ ਹਿਮਾਂਸ਼ੂ ਸੜਕ 'ਤੇ ਜਾ ਰਿਹਾ ਸੀ ਜਦੋਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਬੁਰੀ ਤਰ੍ਹਾਂ ਕੁਚਲਿਆ ਗਿਆ। ਉਸ ਨੂੰ ਤੁਰੰਤ ਹਰਚੋਵਾਲ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਹੈ।
"ਪੈਸੇ ਨਹੀਂ, ਭਰਾ ਦਾ ਇਲਾਜ ਚਾਹੀਦਾ ਹੈ"- ਰੋਹੀ ਧਵਨ
ਅੰਮ੍ਰਿਤਸਰ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਿਮਾਂਸ਼ੂ ਦੀ ਭੈਣ ਰੋਹੀ ਧਵਨ ਨੇ ਟਰੱਕ ਕੰਪਨੀ ਦੇ ਮਾਲਕ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦੱਸਿਆ ਕਿ, ਕੰਪਨੀ ਦਾ ਮਾਲਕ ਉਨ੍ਹਾਂ ਨੂੰ 50,000 ਰੁਪਏ ਦੇ ਕੇ ਮਾਮਲਾ ਰਫ਼ਾ-ਦਫ਼ਾ ਕਰਨ ਅਤੇ ਪੁਲਿਸ ਕੇਸ ਨਾ ਕਰਨ ਲਈ ਦਬਾਅ ਪਾ ਰਿਹਾ ਹੈ। ਭੈਣ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪੈਸਿਆਂ ਦੀ ਲਾਲਸਾ ਨਹੀਂ ਹੈ, ਸਗੋਂ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਇਕਲੌਤੇ ਭਰਾ ਦਾ ਸਹੀ ਢੰਗ ਨਾਲ ਇਲਾਜ ਕਰਵਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਵੇ।
ਨੌਜਵਾਨ ਦੇ ਗੁਆਂਢੀ ਅਤੇ ਸਮਾਜ ਸੇਵਕ ਸਮੀਰ ਅਬਰੋਲ ਨੇ ਦੱਸਿਆ ਕਿ ਹਿਮਾਂਸ਼ੂ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਹੈ ਅਤੇ ਉਸ ਦੇ ਘਰ ਦੀ ਆਰਥਿਕ ਹਾਲਤ ਵੀ ਬਹੁਤ ਕਮਜ਼ੋਰ ਹੈ। ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਦੇ ਇਲਾਜ ਲਈ ਮਦਦ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਸ ਕੰਪਨੀ ਦਾ ਟਰੱਕ ਹੈ, ਉਸ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨ ਦੇ ਇਲਾਜ ਦਾ ਪੂਰਾ ਖ਼ਰਚਾ ਚੁੱਕੇ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Click to Follow Babushahi Facebook page →