ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਰਵਾਨਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 10 ਅਪ੍ਰੈਲ 2026: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖਾਲਸਾ ਜੀ ਦੇ ਜੈਕਾਰਿਆਂ ਦੇ ਨਾਲ ਰਵਾਨਾ ਕੀਤਾ ਗਿਆ। ਇਸ ਧਾਰਮਿਕ ਯਾਤਰਾ ਦੌਰਾਨ ਸੰਗਤ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਜਾਣਕਾਰੀ ਮੁਤਾਬਕ ਪੂਰੇ ਭਾਰਤ ਵਿੱਚੋਂ ਕਰੀਬ 2800 ਸਿੱਖ ਸ਼ਰਧਾਲੂ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਹ ਜੱਥਾ ਅਗਲੇ 10 ਦਿਨਾਂ ਦੌਰਾਨ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ, ਕਰਤਾਰਪੁਰ ਸਾਹਿਬ ਅਤੇ ਸੱਚਾ ਸੌਦਾ ਸਮੇਤ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰੇਗਾ। ਸ਼ਰਧਾਲੂਆਂ ਨੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲੀ ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹਨਾਂ ਦੇ ਮਨ ਵਿੱਚ ਕਾਫੀ ਸਮੇਂ ਤੋਂ ਇਹ ਤਾਂਘ ਸੀ ਅਤੇ ਹੁਣ ਉਹ ਬੜੀ ਆਸ ਅਤੇ ਉਮੀਦ ਨਾਲ ਇਸ ਯਾਤਰਾ ‘ਤੇ ਨਿਕਲੇ ਹਨ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਹਰ ਇੱਕ ਸੰਗਤ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇ।
ਇਸ ਮੌਕੇ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੰਗਤ ਦੀਆਂ ਲੰਬੇ ਸਮੇਂ ਤੋਂ ਕੀਤੀਆਂ ਅਰਦਾਸਾਂ ਦੇ ਫਲਸਰੂਪ ਇਹ ਮੌਕਾ ਮਿਲਦਾ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਪਵਿੱਤਰ ਧਰਤੀਆਂ—ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਅਤੇ ਕਰਤਾਰਪੁਰ ਸਾਹਿਬ—ਦੇ ਦਰਸ਼ਨ ਕਰ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਇਹ ਯਾਤਰਾ ਖੁਸ਼ੀਆਂ ਅਤੇ ਚੜ੍ਹਦੀ ਕਲਾ ਨਾਲ ਪੂਰੀ ਹੋਵੇ ਅਤੇ ਸਾਰੇ ਸ਼ਰਧਾਲੂ ਸੁਰੱਖਿਅਤ ਵਾਪਸ ਆਉਣ। ਇਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਪੂਰੀ ਤਰ੍ਹਾਂ ਖੋਲ੍ਹਣ ਦੀ ਮੰਗ ਵੀ ਉਠਾਈ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਸੰਗਤ ਲਈ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸੰਗਤ ਦੀ ਸਹੂਲਤ ਲਈ ਇਸਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਕਰ ਸਕਣ।
ਜੱਥੇ ਦੇ ਲੀਡਰ ਸੁਰਜੀਤ ਸਿੰਘ ਨੇ ਵੀ ਕਿਹਾ ਕਿ ਉਹ ਪਹਿਲੀ ਵਾਰ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਅਤੇ ਐਸਜੀਪੀਸੀ ਵੱਲੋਂ ਹਰ ਸਾਲ ਯਾਤਰੀਆਂ ਲਈ ਬਿਹਤਰ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਵਾਰ ਵੀ ਯਾਤਰਾ ਸੁਚੱਜੇ ਢੰਗ ਨਾਲ ਸੰਪੰਨ ਹੋਵੇਗੀ।
Click to Follow Babushahi Facebook page →