ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਸ਼ਰਧਾ ਦੇ ਫੁੱਲ ਅਰਪਨ
ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ- ਕੁਲਦੀਪ ਚੰਦ, ਸਹਾਇਕ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਪ੍ਰੈਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ 135ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਸੁਪਰਡੈਂਟ ਵਿਜੇ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਾਬਾ ਸਾਹਿਬ ਦੇ ਬੁੱਤ ਉੱਪਰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੀ 135ਵੀਂ ਜਯੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਾਧਾਰਣ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ ਪਰ ਇਸ ਦੇ ਬਾਵਜੂਦ ਉਹ ਆਪਣੀ ਲਿਆਕਤ ਅਤੇ ਲਗਨ ਸਦਕਾ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਸਤਿਕਾਰੇ ਜਾਣੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਬਾਬਾ ਜੀ ਦੀ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਉਹ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਮੁਲਖ ਰਾਜ, ਪਵਨ ਕੁਮਾਰ ਅਤੇ ਸਮੂਹ ਡੀ.ਸੀ. ਸਟਾਫ ਹਾਜ਼ਰ ਸਨ।
Click to Follow Babushahi Facebook page →